ਪੰਜਾਬ ਕਾਂਗਰਸ ‘ਚ ਸ਼ੁਰੂ ਹੋਏ ਕਲੇਸ਼ ਦੇ ਵਿਚਕਾਰ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਹਨ। ਕਿਹਾ ਜਾ ਰਿਹਾ ਹੈ ਕਿ ਉਹ ਇਸ ਦੌਰਾਨ ਪ੍ਰਧਾਨ ਮੰਤਰੀ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ, ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਰਗੇ ਵੱਡੇ ਮਸਲਿਆਂ ‘ਤੇ ਗੱਲਬਾਤ ਕਰਨਗੇ।
ਦਰਅਸਲ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਵਿੱਚ ਅਚਾਨਕ 10 ਦਿਨ ਦੀ ਦੇਰੀ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਅਤੇ ਪੰਜਾਬ ਸਰਕਾਰ ਵਿੱਚ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਹੋ ਗਈ ਹੈ। ਹਾਲਾਂਕਿ ਮੁੱਖ ਮੰਤਰੀ ਚੰਨੀ ਨੇ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ। ਪਰ ਝੋਨੇ ਦੀ ਖਰੀਦ ਵਿੱਚ ਦੇਰੀ ਕਾਰਨ ਕਿਸਾਨਾਂ ਵਿੱਚ ਗੁੱਸਾ ਵੱਧ ਗਿਆ ਹੈ। ਇਸ ਦੌਰਾਨ ਝੋਨੇ ਦੀ ਖਰੀਦ ਤੋਂ ਇਲਾਵਾ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈਣ ਅਤੇ ਕੋਵਿਡ-19 ਦੀ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਵਿਸ਼ੇ ‘ਤੇ ਵਿਚਾਰ ਚਰਚਾ ਹੋ ਸਕਦੀ ਹੈ।
ਕਰਤਾਰਪੁਰ ਲਾਂਘਾ ਗੁਆਂਢੀ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਸਰਹੱਦੀ ਲਾਂਘਾ ਹੈ। ਇਹ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ (ਪੰਜਾਬ, ਭਾਰਤ ਵਿੱਚ ਸਥਿਤ) ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (ਪੰਜਾਬ, ਪਾਕਿਸਤਾਨ)ਵਿਚਕਾਰ ਖੋਲ੍ਹਿਆ ਗਿਆ ਲਾਂਘਾ ਹੈ। ਇਸ ਯੋਜਨਾਬੰਦੀ ਅਧੀਨ, ਇਹ ਲਾਂਘਾ ਭਾਰਤ ਦੇ ਧਾਰਮਿਕ ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਗੁਰਦੁਆਰੇ ਜੋ ਪਾਕਿਸਤਾਨ-ਭਾਰਤ ਸਰਹੱਦ ਤੋਂ ਪਾਕਿਸਤਾਨ ਵਿੱਚ 4.7 ਕਿਲੋਮੀਟਰ (2.9 ਮੀਲ) ਅੰਦਰ ਹਨ, ਨੂੰ ਬਿਨਾਂ ਵੀਜ਼ਾ ਇਜਾਜ਼ਤ ਲਏ ਤੋਂ ਜਾਣ ਦੇਣ ਦਾ ਫ਼ੈਸਲਾ ਹੋਇਆ ਸੀ। ਪਰ ਕੋਵਿਡ-19 ਕਾਰਨ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਵੀ ਅੱਜ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਿਚਕਾਰ ਗੱਲਬਾਤ ਹੋਣ ਅਤੇ ਕੋਈ ਹੱਲ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਹ ਵੀ ਦੇਖੋ : ਪਰਗਟ ਸਿੰਘ ਨੇ ਚਲਦੇ ਇੰਟਰਵਿਊ ‘ਚ ਕਰ ‘ਤਾ ਵੱਡਾ ਐਲਾਨ, ਸੁਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ…