ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਖ਼ਤਮ ਹੋ ਗਈ ਹੈ। ਇਸ ਚਰਚਾ ਪਿੱਛੋਂ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਉਮੀਦ ਜਤਾਈ ਜਾ ਰਹੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਸੀ. ਐੱਮ. ਚੰਨੀ ਨੇ ਇਹ ਮੁੱਦਾ ਉਠਾਇਆ ਸੀ। ਜਲਦ ਹੀ ਕੇਂਦਰੀ ਗ੍ਰਹਿ ਮੰਤਰਾਲਾ ਲਾਂਘਾ ਖੋਲ੍ਹਣ ‘ਤੇ ਫ਼ੈਸਲਾ ਕਰ ਸਕਦਾ ਹੈ। ਮੌਜੂਦਾ ਸਮੇਂ ਕੋਵਿਡ-19 ਦੀ ਵਜ੍ਹਾ ਨਾਲ ਲਾਂਘਾ ਬੰਦ ਹੈ। ਉੱਥੇ ਹੀ ਸ਼ਾਹ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡਰੱਗਜ਼ ਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਲਈ ਬਾਰਡਰ ਸੀਲ ਕਰਨ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਸੀ. ਐੱਮ. ਨੇ ਲਖੀਮਪੁਰ-ਖੀਰੀ ਮੁੱਦਾ ਚੁੱਕਣ ਦੇ ਨਾਲ-ਨਾਲ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਬਣਨ ਪਿੱਛੋਂ ਚਰਨਜੀਤ ਸਿੰਘ ਚੰਨੀ ਦੀ ਅਮਿਤ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਹ ਭਰੋਸਾ ਦਿੱਤਾ ਹੈ ਕਿ ਵਿਸਥਾਰ ਚਰਚਾ ਪਿੱਛੋਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਜਲਦ ਹੀ ਫ਼ੈਸਲਾ ਲਿਆ ਜਾਵੇਗਾ। ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਾਹ ਨਾਲ ਹੋਈ ਗੱਲਬਾਤ ਦੇ ਸਕਾਰਾਤਮਕ ਨਤੀਜੇ ਨਿਕਲਣ ਦੀ ਉਮੀਦ ਜਤਾਈ।
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲਣ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਅਮਿਤ ਸ਼ਾਹ ਨੂੰ ਕਿਹਾ ਕਿ ਇਸ ਸਬੰਧੀ ਛੇਤੀ ਹੀ ਕੋਈ ਫੈਸਲਾ ਲਿਆ ਜਾਵੇ ਤਾਂ ਜੋ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਇਸ ਸਬੰਧੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਉਹ ਵਿਸਥਾਰ ਸਹਿਤ ਚਰਚਾ ਮਗਰੋਂ ਲਾਂਘਾ ਖੋਲਣ ਸਬੰਧੀ ਫੈਸਲਾ ਲੈਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ! ਲਖੀਮਪੁਰ-ਖੀਰੀ ਹਿੰਸਾ ਮਾਮਲੇ ਵਿਚ BJP ਨੇਤਾ ਦੇ ਮੁੰਡੇ ‘ਤੇ ਪਰਚਾ ਦਰਜ
ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਖੇਤੀ ਕਾਨੂੰਨ ਛੇਤੀ ਹੀ ਰੱਦ ਕਰਨ ਲਈ ਬੇਨਤੀ ਕੀਤੀ। ਲਖੀਮਪੁਰ ਖੀਰੀ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸ. ਚੰਨੀ ਨੇ ਕਿਹਾ ਕਿ ਅਜਿਹੇ ਜ਼ਾਲਮਾਨਾ ਕਾਰੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੰਦਭਾਗੇ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਮਿਲਣ ਜਾ ਰਹੇ ਉਨ੍ਹਾਂ ਦੇ ਆਗੂਆਂ ਨੂੰ ਜਿਸ ਢੰਗ ਨਾਲ ਗ੍ਰਿਫਤਾਰ ਕੀਤਾ ਗਿਆ, ਉਹ ਨਿੰਦਣਯੋਗ ਹੈ ਅਤੇ ਇਹ ਚਲਨ ਰੁਕਣਾ ਚਾਹੀਦਾ ਹੈ।