CM granted permission for domestic : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਵਿਡ ਮਹਾਮਾਰੀ ਦੌਰਾਨ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਦੇ ਲਈ ਉਨ੍ਹਾਂ ਕੋਲ 96 ਘੰਟਿਆਂ ਤੱਕ ਦਾ ਕੋਵਿਡ ਨੈਗੇਟਿਵ ਦਾ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਭਾਰਤ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਵਿਦੇਸ਼ੀ ਯਾਤਰੀ ਹਵਾਈ ਅੱਡੇ ਉਤੇ ਪੁੱਜਣ ਸਾਰ ਆਪਣਾ ਕੋਵਿਡ ਟੈਸਟ ਕਰਵਾਉਣਗੇ ਅਤੇ ਜੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹ ਘਰ ਵਿੱਚ ਇਕਾਂਤਵਾਸ ਉਤੇ ਜਾ ਕੇ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਝੂਠੇ ਤੇ ਗੁੰਮਰਾਹਕੁਨ ਪ੍ਰਚਾਰ ਕਾਰਨ ਟੈਸਟਾਂ ਵਿੱਚ ਆਈ ਗਿਰਾਵਟ ਤੋਂ ਬਾਅਦ ਪੁਲਿਸ ਵੱਲੋਂ ਸੂਬੇ ਵਿੱਚ ਅਫਵਾਹਾਂ ਫੈਲਾਉਣ ਵਾਲਿਆਂ ਆਰੰਭੀ ਕਾਰਵਾਈ ਕਾਰਨ ਰੋਜ਼ਾਨਾ ਕੋਵਿਡ ਟੈਸਟ ਕਰਵਾਉਣ ਵਾਲਿਆਂ ਦੀ ਗਿਣਤੀ ਮੁੜ 28000 ਦੇ ਕਰੀਬ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ 28,688 ਟੈਸਟ ਹੋਏ ਅਤੇ ਜਲਦ ਹੀ ਇਹ ਅੰਕੜਾ 30000 ‘ਤੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਜਾਨਾਂ ਬਚਾਉਣ ਉਤੇ ਹੈ ਜਿਸ ਲਈ ਜਲਦੀ ਟੈਸਟਿੰਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਕੇਸਾਂ ਦੇ ਮਾਮਲੇ ਵਿੱਚ ਇਸ ਵੇਲੇ ਪੰਜਾਬ ਦੇਸ਼ ਵਿੱਚ 17ਵੇਂ ਸਥਾਨ ‘ਤੇ ਹੈ।
ਕੈਪਟਨ ਨੇ ਮਰਨ ਵਾਲੇ ਕੋਵਿਡ ਮਰੀਜ਼ਾਂ ਦੇ ਅੰਗਾਂ ਨੂੰ ਕੱਢਣ ਦਾ ਦਾਅਵਾ ਪੂਰੀ ਤਰ੍ਹਾਂ ਝੂਠਾ ਅਤੇ ਤਰਕਹੀਣ ਦੱਸਦਿਆਂ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ”ਸਾਨੂੰ ਅਜਿਹੇ ਪ੍ਰਚਾਰ ਦਾ ਮੁਕਾਬਲਾ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਨਾ ਹੋਵੇਗਾ।” ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਪੰਚਾਇਤਾਂ ਨਾਲ ਮਿਲ ਕੇ ਅਫਵਾਹਾਂ ਵਾਲਿਆਂ ਦੀ ਸ਼ਨਾਖ਼ਤ ਕਰਨ ਅਤੇ ਪਾਰਟੀ ਵਰਕਰਾਂ ਨੂੰ ਸਰਗਰਮ ਕਰਨ ਲਈ ਆਖਿਆ ਤਾਂ ਕਿ ਕੋਵਿਡ ਬਾਰੇ ਨਾਕਾਰਤਮਕ ਪ੍ਰਚਾਰ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਆਉਣ ਵਾਲੇ ਤਿੰਨ ਦਿਨਾਂ ਵਿੱਚ ਆਪਣੇ ਜ਼ਿਲ੍ਹਿਆਂ ਤੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ, ਤਾਂ ਜੋ ਜ਼ਮੀਨੀ ਹਕੀਕਤਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅਗਲੇ ਦੋ ਹਫਤਿਆਂ ਵਿੱਚ ਸੂਬੇ ‘ਚ ਮਹਾਂਮਾਰੀ ਦੇ ਸਿਖਰ ਛੂਹਣ ਦੀ ਸੰਭਾਵਨਾ ਦੇ ਚੱਲਦਿਆਂ ਚੁਣੇ ਹੋਏ ਨੁਮਾਇੰਦਿਆਂ ਤੇ ਅਧਿਕਾਰੀਆਂ ਲਈ ਜ਼ਰੂਰੀ ਹੈ ਕਿ ਉਹ ਇਕੱਠੇ ਹੋ ਕੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਕਿਹਾ।