CM lashes out at Center over NIA notice : ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨ ਵਿਰੋਧ ਵਿੱਚ ਕਿਸਾਨ ਦਿੱਲੀ ਸਰਹੱਦਾਂ ’ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ ਇਸ ਦੌਰਾਨ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਨੋਟਿਸ ਜਾਰੀ ਕਰਨ ’ਤੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਸਵਾਲ ਕੀਤਾ, ”ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?” ਮੁੱਖ ਮੰਤਰੀ ਨੇ ਭਾਰਤ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਡਰਾਉਣੀਆਂ ਕਾਰਵਾਈਆਂ ਦੇ ਜ਼ਰੀਏ ਉਹ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਉਤੇ ਤੁਲੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ ਸਥਿਤੀ ਹੱਥੋਂ ਬਾਹਰ ਨਿਕਲ ਗਈ ਤਾਂ ਇਸ ਉਤੇ ਕਾਬੂ ਪਾਉਣ ਲਈ ਭਾਜਪਾ ਦੇ ਸਭ ਤੋਂ ਸ਼ਕਤੀਸ਼ਾਲੀ ਆਗੂ ਵੀ ਕੁੱਝ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਅਜਿਹੇ ਨੀਵੇਂ ਢੰਗ-ਤਰੀਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣਾ ਹੋਰ ਸਖਤ ਰੁਖ਼ ਅਪਣਾਉਣ ਲਈ ਮਜਬੂਰ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਾਹਰ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਨਾ ਤਾਂ ਕਿਸਾਨਾਂ ਦੀ ਚਿੰਤਾ ਹੈ ਅਤੇ ਨਾ ਹੀ ਉਨ੍ਹਾਂ ਦੀ ਮਾਨਸਿਕਤਾ ਦੀ ਸਮਝ ਹੈ। ਉਨ੍ਹਾਂ ਕਿਹਾ, ”ਪੰਜਾਬੀ ਸੁਭਾਅ ਤੋਂ ਹੀ ਜੁਝਾਰੂ ਹੁੰਦੇ ਹਨ ਅਤੇ ਉਨ੍ਹਾਂ ਦੀ ਜੂਝਣ ਦੀ ਭਾਵਨਾ ਉਨ੍ਹਾਂ ਨੂੰ ਦੁਨੀਆ ਵਿੱਚ ਸਰਵੋਤਮ ਯੋਧੇ ਬਣਾਉਂਦੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਖਤ ਕਦਮਾਂ ਨਾਲ ਪੰਜਾਬ ਦੇ ਕਿਸਾਨ ਇਸ ਦੀ ਨਕਰਾਤਮਕ ਪ੍ਰਤੀਕਿਰਿਆ ਦੇਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਦਿੱਲੀ ਦੀ ਹੱਡ ਚੀਰਵੀਂ ਠੰਢ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਵਿੱਚੋਂ ਕਈ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਕੇਂਦਰ ਸਰਕਾਰ ਨਾ ਸਿਰਫ ਆਪਣੀ ਹਊਮੇ ਕਾਰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਉਤੇ ਅੜੀ ਹੋਈ ਹੈ ਸਗੋਂ ਉਹ ਕਿਸਾਨਾਂ ਦੀ ਹੱਕੀ ਆਵਾਜ਼ ਨੂੰ ਦਬਾਉਣ ਲਈ ਸ਼ਰ੍ਹੇਆਮ ਧੱਕੇਸ਼ਾਹੀ ਵਾਲਾ ਵਤੀਰਾ ਅਪਣਾ ਰਹੀ ਹੈ। ਇਹ ਕਾਰਵਾਈਆਂ ਕਿਸਾਨਾਂ ਉਤੇ ਆਪਣਾ ਅੰਦੋਲਨ ਵਾਪਸ ਲੈਣ ਲਈ ਦਬਾਅ ਪਾਉਣ ਲਈ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਹੋਛੀਆਂ ਕਾਰਵਾਈਆਂ ਕਿਸਾਨਾਂ ਅਤੇ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਨਦਾਤਿਆਂ ਦੀ ਹਮਾਇਤ ਕਰ ਰਹੇ ਲੱਖਾਂ ਹੀ ਭਾਰਤੀਆਂ ਦੀ ਆਵਾਜ਼ ਦਬਾ ਨਹੀਂ ਸਕਦੀਆਂ। ਜੇਕਰ ਕੇਂਦਰ ਸਰਕਾਰ ਨੂੰ ਕੋਈ ਸ਼ਰਮ ਹੈ ਤਾਂ ਉਹ ਤੁਰੰਤ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ।