ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਚੰਡੀਗੜ੍ਹ ‘ਤੇ ਕੇਂਦਰੀ ਸਰਵਿਸ ਨਿਯਮ ਲਾਗੂ ਹੋਣ ਖਿਲਾਫ਼ ਮਤਾ ਪਾਸ ਕੀਤਾ ਗਿਆ । ਵਿਧਾਨ ਸਭਾ ਦਾ ਸੈਸ਼ਨ ਖਤਮ ਹੋਣ ਮਗਰੋਂ CM ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਕੇਂਦਰ ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ। ਚੰਡੀਗੜ੍ਹ ‘ਤੇ ਪੰਜਾਬ ਦੇ ਬਣਦੇ ਹੱਕਾਂ ਲਈ ਹਰ ਪੱਧਰ ‘ਤੇ ਆਵਾਜ਼ ਚੁੱਕੀ ਜਾਵੇਗੀ। ਦੇਸ਼ ਦੀ ਖ਼ਾਤਰ ਗੋਲੀ ਖਾਣ ਵਾਸਤੇ ਸਭ ਤੋਂ ਪਹਿਲਾਂ ਆਪਣਾ ਸੀਨਾ ਅੱਗੇ ਕਰਨ ਵਾਲ਼ੇ ਸੂਰਵੀਰਾਂ ਦੀ ਧਰਤੀ ਪੰਜਾਬ ਦੇ ਨਾਲ਼ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ CM ਮਾਨ ਨੇ ਕਿਹਾ ਕਿ ਅਸੀਂ ਹੁਣ ਪੰਜਾਬ ਦੇ ਮੁੱਦਿਆਂ ਲਈ ਹੋਰ ਤਕੜੇ ਹੋ ਕੇ ਕੇਂਦਰ ਕੋਲ ਜਾਵਾਂਗੇ ਤੇ ਸਭ ਨਾਲ ਮੁਲਾਕਾਤ ਕਰ ਕੇ ਇਨ੍ਹਾਂ ਮੁੱਦਿਆਂ ਨੂੰ ਉਨ੍ਹਾਂ ਅੱਗੇ ਰੱਖਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਦੀ ਖਾਤਰ ਜਿੱਥੇ ਵੀ ਜਾਣਾ ਪਿਆ ਅਸੀਂ ਜਾਵਾਂਗੇ, ਪਰ ਪੰਜਾਬ ਦੇ ਹੱਕਾਂ ‘ਤੇ ਡਾਕਾ ਨਹੀਂ ਵੱਜਣ ਦਿਆਂਗੇ।
ਗੌਰਤਲਬ ਹੈ ਕਿ ਪਿਛਲੇ ਦਿਨੀਂ ਕੇਂਦਰ ਨੇ ਚੰਡੀਗੜ੍ਹ ਦੇ ਕਰਮਚਾਰੀਆਂ ‘ਤੇ ਆਪਣੇ ਸਰਵਿਸ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਜੋ ਕਿ 1 ਅਪ੍ਰੈਲ ਤੋਂ ਲਾਗੂ ਹੋ ਗਏ ਹਨ। ਕੇਂਦਰ ਦਾ ਕਹਿਣਾ ਸੀ ਕਿ ਕਰਮਚਾਰੀਆਂ ਵੱਲੋਂ ਇਸ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਚੰਡੀਗੜ੍ਹ ‘ਤੇ ਕੇਂਦਰੀ ਨਿਯਮ ਲਾਗੂ ਹੋਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਕਈ ਤਰਕ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: