ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣਾ 50ਵਾਂ ਜਨਮ ਦਿਨ ਆਪਣੇ ਜੱਦੀ ਪਿੰਡ ਸਤੌਜ ਵਿਚ ਮਨਾਇਆ। ਇਸ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਖੂਨਦਾਨ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਸੈਸ਼ਨ ਪੂਰੀ ਤਰ੍ਹਾਂ ਤੋਂ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲੀ ਬੈਠਕ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈ ਕੇ ਭਾਰਤੀ ਸੰਵਿਧਾਨ ਮੁਤਾਬਕ ਬੁਲਾਈ ਗਈ ਹੈ।ਇਸ ਦੋ ਦਿਨਾ ਸੈਸ਼ਨ ਦੌਰਾਨ ਕਈ ਜਨਹਿਤੈਸ਼ੀ ਬਿੱਲ ਪੇਸ਼ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਵਿਧਾਨ ਸਭਾ ਇਕ ਲੋਕਤਾਂਤ੍ਰਿਕ ਢੰਗ ਨਾਲ ਚੁਣੀ ਗਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹੈ, ਨਾ ਕਿਸੇ ਵਿਅਕਤੀ ਦੀ ਇੱਛਾ ਮੁਤਾਬਕ ਕੰਮ ਕਰਨ ਲਈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪਹਿਲਾਂ ਵੀ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਕਈ ਪ੍ਰਗਤੀਸ਼ੀਲ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਉਚਿਤ ਪ੍ਰਬੰਧਨ ਦਾ ਉਦਾਹਰਣ ਪੇਸ਼ ਕੀਤਾ ਹੈ ਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿਚ ਚੱਲ ਰਹੇ ਲਗਭਗ 2500 ਭੱਠਿਆਂ ਵਿਚ ਈਂਧਣ ਵਜੋਂ 20 ਫੀਸਦੀ ਕੋਲੇ ਦੀ ਜਗ੍ਹਾ ‘ਤੇ ਝੋਨੇ ਦੀ ਪਰਾਲੀ ਦੀਆਂ ਗੰਢਾਂ ਦਾ ਇਸਤੇਮਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਮਾਨ ਨੇ ਕਿਹਾ ਕਿ ਪਿਛਲੇ ਸਾਲ ਦੀ ਤੁਲਨਾ ਵਿਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 23000 ਜ਼ਿਆਦਾ ਮਸ਼ੀਨਾਂ ਦਿੱਤੀਆਂ ਗਈਆਂ ਹਨ। ਉੁਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਸਖਤ ਨਿਗਰਾਨੀ ਰੱਖਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : 50 ਸਾਲ ਦੇ ਹੋਏ CM ਮਾਨ, ਪਤਨੀ ਨੇ ਦਿੱਤੀ ਦੁਆ- ‘ਹਮੇਸ਼ਾ ਚੜ੍ਹਦੀ ਕਲਾ ‘ਚ ਰਹੋ’, PM ਮੋਦੀ ਨੇ ਵੀ ਦਿੱਤੀ ਵਧਾਈ
1 ਨਵੰਬਰ ਦੀ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਪੰਜਾਬ ਨੂੰ ਸਰਾਸਰ ਧੋਖਾ ਦਿੱਤਾ ਹੈ। ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਲੁੱਟਿਆ ਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਤੇ 1 ਨਵੰਬਰ ਦੀ ਬਹਿਸ ਤੋਂ ਭੱਜਣ ਲਈ ਕੋਈ ਨਾ ਕੋਈ ਬਹਾਨਾ ਬਣਾ ਰਹੇ ਹਨ।