ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਸੂਬੇ ਵਿਚ ਵਧੀਆ ਸਹੂਲਤਾਂ ਵਾਲੇ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਕੀਤੀ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਸੀ.ਐੱਮ. ਮਾਨ ਨੇ ਕਿਹਾ, “ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਲੁਕੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਿਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।
ਮੁੱਖ ਮੰਤਰੀ ਨੇ ਇਨ੍ਹਾਂ ਸਕੂਲ਼ਾਂ ਦੇ ਨਾਮ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਾਲ 2022 ਦੇ ਹਾਣ ਦਾ ਬਣਾਏਗੀ ਤੇ ਯਕੀਨਨ ਤੌਰ ਉਤੇ ਪੰਜਾਬ ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ।
ਸੀ.ਐੱਮ. ਮਾਨ ਨੇ ਕਿਹਾ ਕਿ ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਿਆ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ। ਹੁਣ ਬਾਹਰੋਂ ਲੋਕ ਦਿੱਲੀ ਵਾਂਗ ਪੰਜਾਬ ਦੇ ਸਕੂਲ ਵੀ ਵੇਖਣ ਆਇਆ ਕਰਨਗੇ।
ਇਹ ਵੀ ਪੜ੍ਹੋ : ਮੰਤਰੀ ਚੀਮਾ ਦੀ ਦਿੱਲੀ-ਅੰਮ੍ਰਿਤਸਰ ਹਾਈਵੇ ‘ਤੇ ਰੇਡ, ਟੈਕਸ ਚੋਰੀ ‘ਤੇ ਟਰੱਕ ਮਾਲਕਾਂ ਨੂੰ ਠੋਕਿਆ 10 ਲੱਖ ਜੁਰਮਾਨਾ
ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕਾਂ ਨੇ ਨਿਭਾਉਣੀ ਹੈ, ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਨਵੀਂ ਕ੍ਰਾਂਤੀ ਵਿਚ ਵਧ-ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲੇ ਬੈਚ ਵਿਚ 36 ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਿਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ।
ਵੀਡੀਓ ਲਈ ਕਲਿੱਕ ਕਰੋ -: