ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਦੇ ਹੋਏ ਚੱਪੇ-ਚੱਪੇ ਦੇ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।
ਸੀ.ਐੱਮ. ਮਾਨ ਨੇ ਕਿਹਾ ਕਿ ਕੁਦਰਤੀ ਮਾਰ ਕਿਸੇ ਦੇ ਹੱਥ-ਵੱਸ ਨਹੀਂ ਹੁੰਦੀ ਪਰ ਇਸ ਦਾ ਮਤਲਬ ਇਹ ਨਹੀਂ ਕਿ ਸਰਕਾਰ ਲੋਕਾਂ ਨੂੰ ਬੇਵੱਸ ਛੱਡ ਦੇਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਮਾਲਵੇ ਖਿੱਤੇ ਵਿਚੋਂ ਸੇਮ ਦੀ ਸਮੱਸਿਆ ਦੇ ਪੂਰੀ ਤਰ੍ਹਾਂ ਖਾਤਮੇ ਲਈ ਸੁਚੱਜੀ ਯੋਜਨਾਬੰਦੀ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਅਜਿਹੀ ਯੋਜਨਾ ਤਿਆਰ ਕੀਤੀ ਜਾਵੇ, ਜਿਸ ਨਾਲ ਪੂਰੇ ਰਾਜ ਵਿਚੋਂ ਸੇਮ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੰਗੀ ਪੱਧਰ ਉਤੇ ਇਸ ਪ੍ਰਾਜੈਕਟ ਉਤੇ ਕੰਮ ਕਰੇਗੀ ਤਾਂ ਜੋ ਸੇਮ ਕਾਰਨ ਹੋਣ ਵਾਲੇ ਨੁਕਸਾਨ ਨੂੰ ਤੁਰੰਤ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਸੇਮ ਦੀ ਸਮੱਸਿਆ ਦੇ ਛੇਤੀ ਤੋਂ ਛੇਤੀ ਸਥਾਈ ਹੱਲ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਸਾਲ ਤੋਂ ਖੇਤਾਂ ਵਿਚ ਪਾਣੀ ਭਰਨ ਦੀ ਇਸ ਸਮੱਸਿਆ ਤੋਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਨਿਜਾਤ ਮਿਲ ਜਾਵੇਗੀ ਕਿਉਂਕਿ ਰਾਜ ਸਰਕਾਰ ਸੁਚੱਜੀ ਯੋਜਨਾਬੰਦੀ ਕਰਕੇ ਉਸ ਨੂੰ ਬਾਰੀਕਬੀਨੀ ਨਾਲ ਲਾਗੂ ਕਰੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ : ਸਿੱਖ ਔਰਤਾਂ ਦਾ ਵੀ ਬਿਨਾਂ ਹੈਲਮੇਟ ਕੱਟੂਗਾ ਚਾਲਾਨ, ਸਿਰਫ਼ ਇਨ੍ਹਾਂ ਨੂੰ ਮਿਲੇਗੀ ਛੋਟ
ਉਨ੍ਹਾਂ ਭਰੋਸਾ ਦੁਆਇਆ ਕਿ ਸਰਕਾਰ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਖਤਮ ਕਰਨ ਲਈ ਸੰਕਲਪਬੱਧ ਹੈ। ਭਗਵੰਤ ਮਾਨ ਨੇ ਇਸ ਮੌਕੇ ਅਧਿਕਾਰੀਆਂ ਨੂੰ ਪੰਜਾਬ ਨੂੰ ਸੇਮ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੇ ਨਿਪਟਾਰੇ ਵਿਚ ਕੋਈ ਵੀ ਅੜਿੱਕਾ ਨਾ ਆਉਣ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: