Complete ban on protest : ਅੰਮ੍ਰਿਤਸਰ ਵਿਚ ਕਿਸੇ ਤਰ੍ਹਾਂ ਦੇ ਇਕੱਠ ਜਿਵੇਂ ਰੋਸ ਰੈਲੀਆਂ, ਧਰਨਾ, ਮੀਟਿੰਗਾਂ ਨਾਅਰੇ ਤੇ ਮੁਜ਼ਾਹਰੇ ਆਦਿ ’ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਵੱਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ, ਜਿਸ ਵਿਚ ਜ਼ਿਲਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ , ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ‘ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਜੁਲਾਈ 2020 ਤੱਕ ਲਾਗੂ ਰਹੇਗਾ।