Comrade Balwinder Singh murder case : ਤਰਨਤਾਰਨ ਦੇ ਭਿੱਖੀਵਿੰਡ ‘ਚ 2 ਹਫਤੇ ਪਹਿਲਾਂ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਰਵਿੰਦਰ ਸਿੰਘ ਵਾਸੀ ਦੀਨਾਨਗਰ, ਸੁਖਰਾਜ ਸਿੰਘ ਵਾਸੀ ਲਖਨਪਾਲ ਜ਼ਿਲਾ ਗੁਰਦਾਸਪੁਰ, ਰਵਿੰਦਰ ਸਿੰਘ ਉਰਫ ਰਵੀ ਸਲੀਮਪੁਰ ਥਾਣਾ ਸਲੀਮ ਟਾਬਰੀ ਲੁਧਿਆਣਾ ਅਤੇ ਚੰਦ ਕੁਮਾਰ ਭਾਟੀਆ ਥਾਣਾ ਸਲੀਮ ਟਾਬਰੀ ਲੁਧਿਆਣਾ ਸ਼ਾਮਿਲ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇਸ ਘਟਨਾ ਵਿੱਚ ਵਰਤੇ ਗਏ ਮੋਟਰਸਾਈਕਲ ਦੇ ਟੁਕੜੇ ਹਰੀਕੇ ਬਿਆਸ ਦਰਿਆ ਵਿਚੋਂ ਬਰਾਮਦ ਕੀਤੇ ਹਨ। ਦੱਸ ਦੇਈਏ ਕਿ ਬਦਮਾਸ਼ਾਂ ਵਲੋਂ ਬਾਈਕ ਦੇ ਟੋਟੇ ਕਰਕੇ ਉਸਨੂੰ ਦਰਿਆ ਵਿਚ ਸੁੱਟ ਦਿੱਤਾ ਗਿਆ ਸੀ। ਪੁਲਿਸ ਨੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਨਵੰਬਰ ਤੱਕ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਦੱਸਣਯੋਗ ਹੈ ਪੁਲਿਸ ਨੇ ਇਸ ਸੰਬੰਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਰਨਤਾਰਨ ਦੀ ਪੁਲਿਸ ਵੱਲੋਂ ਬਠਿੰਡਾ ਦੀ ਜੇਲ੍ਹ ‘ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ, ਹਾਲਾਂਕਿ ਅਜੇ ਪੁਲਿਸ ਨੇ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਹੈ ਕਿ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਵਿੱਚ ਜੱਗੂ ਦੀ ਕੀ ਭੂਮਿਕਾ ਸੀ।

ਦੱਸਣਯੋਗ ਹੈ ਕਿ ਬੀਤੀ 16 ਅਕਤੂਬਰ ਨੂੰ ਕਾਮਰੇਡ ਬਲਵਿੰਦਰ ਸਿੰਘ ਦਾ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਮਾਮਲੇ ਵਿਸ਼ੇਸ਼ ਜਾਂਚ ਟੀਮ (SIT) ਦੇ ਹਵਾਲੇ ਕੀਤਾ ਗਿਆ ਸੀ ਅਤੇ ਇਸ ਮਾਮਲੇ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਾਮਰੇਡ ਬਲਵਿੰਦਰ ਸਿੰਘ ਨੇ ਅੱਤਵਾਦ ਦੇ ਦੌਰ ਵਿੱਚ ਅੱਤਵਾਦੀਆਂ ਦਾ ਪੂਰੀ ਬਹਾਦੁਰੀ ਨਾਲ ਮੁਕਾਬਲਾ ਕੀਤਾ ਸੀ। ਉਨ੍ਹਾਂ ਦੇ ਜੀਵਨ ‘ਤੇ ਕਈ ਟੈਲੀ ਫਿਲਮਾਂ ਵੀ ਬਣੀਆਂ ਸਨ। ਕਾਮਰੇਡ ਬਲਵਿੰਦਰ ਬਹਾਦੁਰੀ ਪੁਰਸਕਾਰ ਜੇਤੂ ਸਨ। ਪਰਿਵਾਰ ਨੂੰ ਸ਼ੱਕ ਹੈ ਕਿ ਇਹ ਹਮਲਾ ਅੱਤਵਾਦੀ ਹੋ ਸਕਦਾ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਅਖੀਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਦਿਨਾਂ ਵਿੱਚ ਇਸ ਮਾਮਲੇ ਨੂੰ ਸੁਲਝਾ ਲਿਆ ਹੈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।