ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਹੰਗਾਮਾ ਹੋ ਗਿਆ। ਵਿਰੋਧੀ ਪਾਰਟੀਆਂ ਪੰਜਾਬ ‘ਚ ਅਮਨ-ਕਾਨੂੰਨ ਦੇ ਮੁੱਦੇ ‘ਤੇ ਬਹਿਸ ਕਰਵਾਉਣ ‘ਤੇ ਅੜੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਥੇ ਸੀ.ਐੱਮ. ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖ਼ਤਰਾ ਹੈ ਤਾਂ ਪੰਜਾਬ ਵਿੱਚ ਕੌਣ ਸੁਰੱਖਿਅਤ ਰਹੇਗਾ। ਇਸ ਮੁੱਦੇ ‘ਤੇ ਬਹਿਸ ਹੋਣੀ ਚਾਹੀਦੀ ਹੈ।
ਸਪੀਕਰ ਕੁਲਤਾਰ ਸੰਧਵਾਂ ਨੇ ਬਾਜਵਾ ਨੂੰ ਕਿਹਾ ਕਿ ਉਨ੍ਹਾਂ ਕੋਲ ਕਾਫੀ ਤਜ਼ਰਬਾ ਹੈ। ਮੁੱਖ ਮੰਤਰੀ ਭਲਕੇ ਇਸ ਬਾਰੇ ਬਿਆਨ ਦੇਣਗੇ। ਇਸ ‘ਤੇ ਬਾਜਵਾ ਨੇ ਕਿਹਾ ਕਿ ਜੇ ਕੋਈ ਸ਼ਾਮ ਨੂੰ ਗੋਲੀ ਚਲਾਵੇਗਾ ਤਾਂ ਸਾਰਾ ਤਜਰਬਾ ਧਰਿਆ ਦਾ ਧਰਿਆ ਰਹਿ ਜਾਵੇਗਾ। ਹਾਲਾਂਕਿ ਸਪੀਕਰ ਦੇ ਹੁਕਮਾਂ ਤੋਂ ਬਾਅਦ ਰਾਸ਼ਟਰਪਤੀ ਦੇ ਸੰਬੋਧਨ ‘ਤੇ ਚਰਚਾ ਸ਼ੁਰੂ ਹੋ ਗਈ ਸੀ। ਇਸ ਦੌਰਾਨ ਕੁਝ ਕਾਂਗਰਸੀ ਸਦਨ ਤੋਂ ਨਿਕਲ ਗਏ।
ਇਸ ਤੋਂ ਪਹਿਲਾਂ ਸਵੇਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 11 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 13 ਮਿੰਟ ਦੀ ਕਾਰਵਾਈ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਦੱਸ ਦੇਈਏ ਕਿ 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰਲੈੱਸ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਮੁਹੱਈਆ ਕਰਵਾਇਆ ਜਾਵੇਗਾ। ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇੱਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।
ਵੀਡੀਓ ਲਈ ਕਲਿੱਕ ਕਰੋ -: