Congress supports farmers call : ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੂਰਾ ਸਮਰਥਨ ਦਿੱਤਾ ਹੈ ਅਤੇ ਇਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ, ਜਿਸ ਦੇ ਚੱਲਦਿਆਂ ਕਾਂਗਰਸ ਪਾਰਟੀ ਵੱਲੋਂ ਦੇਸ਼ ਦੇ ਸਾਰੇ ਸੂਬਿਆਂ ਤੇ ਜ਼ਿਲ੍ਹਿਆਂ ਵਿੱਚ ਮੁਜ਼ਾਹਰੇ ਕੀਤੇ ਜਾਣਗੇ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੁਗੋਪਾਲ ਨੇ ਇਸ ਬਾਰੇ ਦੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ 9 ਦਸੰਬਰ ਨੂੰ ਵੱਖ-ਵੱਖ ਕਿਸਾਨ ਯੂਨੀਅਨਾਂ/ਸਗੰਠਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਆਪਣਾ ਪੂਰਾ ਸਮਰਥਨ ਦੇਵੇਗੀ ਅਤੇ ਇਸ ਵਿੱਚ ਸ਼ਾਮਲ ਵੀ ਹੋਵੇਗੀ।
ਉਨ੍ਹਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦੇ ਸੰਬੰਧ ਵਿੱਚ ਸਾਰੇ ਸੂਬਾ ਕਾਂਗਰਸ ਇਕਾਈਆਂ ਨੂੰ ਆਪਣੇ-ਆਪਣੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਵਿੱਚ ਬੰਦ ਅਤੇ ਸੰਬੰਧਤ ਸਰਗਰਮੀਆਂ ਅਤੇ ਪ੍ਰਦਰਸ਼ਨਾਂ ਲਈ ਸਮਰਥਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੀਆਂ ਸੂਬਾ ਕਮੇਟੀਆਂ ਅਤੇ ਜ਼ਿਲ੍ਹਾ ਕਮੇਟੀਆਂ ਕਾਂਗਰਸ ਵਰਕਰਾਂ ਅਤੇ ਨੇਤਾਵਾਂ ਨੂੰ ਸੱਦਾ ਦੇਣਗੇ ਅਤੇ ਆਪਣੇ-ਆਪਣੇ ਸੂਬਿਆਂ ਅਤੇ ਜ਼ਿਲ੍ਹਾ ਮੁੱਖ ਦਫਤਰਾਂ ਵਿੱਚ ਕਿਸਾਨ ਜਥੇਬੰਦੀਆਂ ਵੱਲਕੋਂ ਦਿੱਤੇ ਗਏ ਭਾਰਤ ਬੰਦ ਦੇ ਸਮਰਥਨ ਵਿੱਚ ਮੁਜ਼ਾਹਰੇ ਕਰਨਗੀਆਂ। ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਅੰਨਦਾਤਾ ਹੈ ਅਤੇ ਕਾਂਗਰਸ ਪਾਰਟੀ ਉਨ੍ਹਾਂ ਨਾਲ ਇਕਜੁੱਟਤਾ ਨਾਲ ਖੜ੍ਹੀ ਹੈ, ਜੋਕਿ ਪੁਲਿਸ ਦੇ ਦਮਨਕਾਰੀ ਵਤੀਰੇ ਅਤੇ ਕੜਾਕੇ ਦੀ ਠੰਡ ਦੇ ਬਾਵਜੂਦ ਮਜ਼ਬੂਤੀ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ।
ਦੱਸਣਯੋਗ ਹੈ ਕਿ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਦਿੱਲੀ-ਹਰਿਆਣਾ ਬਾਰਡਰ ’ਤੇ ਲਗਾਤਾਰ ਜਾਰੀ ਹੈ। ਕਿਸਾਨ ਕੇਂਦਰ ਨਾਲ 5ਵੇਂ ਗੇੜ ਦੀ ਮੀਟਿੰਗ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ 9 ਦਸੰਬਰ ਨੂੰ 6ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕੇਂਦਰ ਕਿਸਾਨਾਂ ਨਾਲ ਆਪਣੇ ਮਤਭੇਦ ਸੁਲਝਾਉਣ ਲਈ ਜੁਟਿਆ ਹੋਇਆ ਹੈ ਪਰ ਅਜੇ ਤੱਕ ਕੋਈ ਗੱਲ ਨਿਬੜਦੀ ਨਜ਼ਰ ਨਹੀਂ ਆ ਰਹੀ। ਕੇਂਦਰ ਕਾਨੂੰਨਾਂ ਵਿੱਚ ਸੋਧ ਕਰਨ ਲਈ ਰਾਜ਼ੀ ਹੈ ਪਰ ਕਿਸਾਨ ਕਾਨੂੰਨ ਰੱਦ ਕਰਵਾਉਣ ’ਤੇ ਅੜੇ ਹੋਏ ਹਨ।