Corona curfew in Himachal : ਹਿਮਾਚਲ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਹੋਈ ਮੀਟਿੰਗ ਵਿੱਚ ਫੈਸਲਾ ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ 10 ਮਈ ਨੂੰ ਸਵੇਰੇ 6 ਵਜੇ ਤੋਂ ਕੋਰੋਨਾ ਕਰਫਿਊ ਦੀਆਂ ਪਾਬੰਦੀਆਂ ਹੋਰ ਸਖਤ ਕਰ ਦਿੱਤੀਆਂ ਜਾਣਗੀਆਂ। ਕੋਵਿਡ ਦੀ ਸਥਿਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਟੈਲੀਫੋਨ ਵਿਚਾਰ-ਵਟਾਂਦਰੇ ਤੋਂ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅਗਲੇ ਹੁਕਮਾਂ ਤੱਕ ਸੂਬੇ ਵਿੱਚ ਲਾਗੂ ਕੀਤੇ ਗਏ ਕੋਰੋਨਾ ਕਰਫਿਊ ਵਿੱਚ ਪਾਬੰਦੀਆਂ ਨੂੰ ਹੋਰ ਸਖਤ ਕਰਨ ਦਾ ਫੈਸਲਾ ਲਿਆ ਗਿਆ ਹੈ।
ਜਿਸ ਮੁਤਾਬਕ 10 ਮਈ ਨੂੰ ਸਵੇਰੇ 6 ਵਜੇ ਤੋਂ ਸੂਬੇ ਵਿੱਚ ਰੋਜ਼ਾਨਾ ਦੀਆਂ ਜਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਹੋਰ ਕੋਈ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਰੋਜ਼ਾਨਾ ਜ਼ਰੂਰਤ ਵਾਲੀਆਂ ਚੀਜ਼ਾਂ ਅਤੇ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਦਿਨ ਵਿਚ ਸਿਰਫ ਤਿੰਨ ਘੰਟੇ ਖੁੱਲ੍ਹੀਆਂ ਰਹਿਣਗੀਆਂ ਅਤੇ ਇਸ ਦਾ ਸਮਾਂ ਸਬੰਧਤ ਡਿਪਟੀ ਕਮਿਸ਼ਨਰਾਂ ਦੁਆਰਾ ਨਿਰਧਾਰਤ ਕੀਤਾ ਜਾਵੇਗਾ। ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਹੋਰ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।
ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਤੋਂ ਇਲਾਵਾ ਅਗਲੇ ਹੁਕਮਾਂ ਤੱਕ ਨਿੱਜੀ ਵਾਹਨਾਂ ਦੇ ਸੰਚਾਲਨ ‘ਤੇ ਪਾਬੰਦੀ ਰਹੇਗੀ। ਨਿੱਜੀ ਵਾਹਨਾਂ ਨੂੰ ਸਿਰਫ ਐਮਰਜੈਂਸੀ ਵਿੱਚ ਹੀ ਯਾਤਰਾ ਕਰਨ ਦੀ ਆਗਿਆ ਹੋਵੇਗੀ। ਸਰਕਾਰ ਦੇ ਇਸ ਸਖਤ ਰੁਖ਼ ਪਿੱਛੇ ਰਾਜ ਵਿਚ ਕੋਵਿਡ -19 ਦੇ ਲਗਾਤਾਰ ਵੱਧ ਰਹੇ ਕੇਸਾਂ ਅਤੇ ਮੌਤਾਂ ਵਿਚ ਹੋਇਆ ਵਾਧਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਮਹਾਮਾਰੀ ਰੋਕਣ ਲਈ ਕੋਰੋਨਾ ਕਰਫਿਊ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ ਉਨ੍ਹਾਂ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਅਤੇ ਬਹੁਤ ਜ਼ਰੂਰੀ ਹੋਣ ’ਤੇ ਬਾਹਰ ਨਿਕਲਣ ਦੀ ਬੇਨਤੀ ਕੀਤੀ।