Corona Positive Para Military youngman : ਅੱਜ ਸ਼ਨੀਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਵਾਇਰਸ ਦਾ ਮਾਮਲਾ ਮੁੜ ਸਾਹਮਣੇ ਆ ਗਿਆ ਹੈ, ਜਿਥੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਮਰੀਜ਼ ਲੰਬੀ ਹਲਕੇ ਦੇ ਪਿੰਡ ਮਾਹਣੀ ਖੇੜਾ ਨਾਲ ਸਬੰਧਤ ਹੈ। ਇਸ ਮਾਮਲੇ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮਰੀਜ਼ ਨੂੰ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਨੂੰ ਸ੍ਰੀ ਮੁਕਤਸਰ ਸਾਹਿਬ ਹਸਪਤਾਲ ਵਿਚ ਆਈਸੋਲੇਟ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਬੀਤੀ ਸ਼ਾਮ ਸ੍ਰੀ ਮੁਕਤਸਰ ਸਾਹਿਬ ਤੋਂ 7 ਮਰੀਜ਼ਾਂ ਨੂੰ ਛੁੱਟੀ ਦੇਣ ਤੋਂ ਬਾਅਦ ਜ਼ਿਲੇ ਨੂੰ ਕੋਰੋਨਾ ਮੁਕਤ ਐਲਾਨ ਦਿੱਤਾ ਗਿਆ ਸੀ ਪਰ ਅਜੇ 24 ਘੰਟੇ ਵੀ ਨਹੀਂ ਬੀਤੇ ਸਨ ਕਿ ਕੋਰੋਨਾ ਦਾ ਮਾਮਲਾ ਮੁੜ ਜ਼ਿਲੇ ਵਿਚ ਸਾਹਮਣੇ ਆ ਗਿਆ ਹੈ। ਭਾਰਤ ਵਿਚ ਹੁਣ ਤੱਕ ਕੋਰੋਨਾ ਦੇ ਲਗਭਗ 124462 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਦੇਸ਼ ਵਿਚ ਹੁਣ ਤੱਕ 3712 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ ਵੀ ਹੁਣ ਤੱਕ ਕੋਰੋਨਾ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 40 ਲੋਕਾਂ ਦੀ ਇਸ ਖਤਰਨਾਕ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਹਤ ਵਾਲੀ ਗੱਲ ਇਹ ਹੈ ਕਿ ਵੱਡੀ ਗਿਣਤੀ ਵਿਚ ਸੂਬੇ ’ਚ ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।