Corona Positive person returned : ਪਠਾਨਕੋਟ ਜ਼ਿਲੇ ਵਿਚ ਇਕ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਸ਼ਹਿਰ ਦੀ ਬੈਂਕ ਕਾਲੋਨੀ ਵਿਚ ਰਹਿਣ ਵਾਲੇ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਹ ਵਿਅਕਤੀ 21 ਤਰੀਕ ਨੂੰ ਮਹਾਰਾਸ਼ਟਰ ਤੋਂ ਪੰਜਾਬ ਵਾਪਿਸ ਪਰਤਿਆ ਸੀ, ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਕਤ ਮਰੀਜ਼ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ ਸਨ, ਜਿਸ ਦੀ ਅੱਜ ਰਿਪੋਰਟ ਵਿਚ ਉਸ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਸਿਹਤ ਵਿਭਾਗ ਵੱਲੋਂ ਇਸ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਉਕਤ ਮਰੀਜ਼ ਨੂੰ ਆਈਸੋਲੇਸ਼ਨ ਵਾਰਡ ਵਿਚ ਵੀ ਦਾਖਲ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ ਪਠਾਨਕੋਟ ਜ਼ਿਲੇ ਵਿਚੋਂ ਕੋਰੋਨਾ ਵਾਇਰਸ ਦੇ ਕੁਲ 32 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 28 ਮਰੀਜ਼ ਸਿਹਤਯਾਬ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਜ਼ਿਲੇ ਵਿਚ ਇਕ ਮਰੀਜ਼ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਸੀ। ਇਸ ਸਮੇਂ ਪਠਾਨਕੋਟ ਵਿਚ ਕੁਲ ਤਿੰਨ ਐਕਟਿਵ ਕੇਸ ਚੱਲ ਰਹੇ ਹਨ।
ਇਥੇ ਦੱਸ ਦੇਈਏ ਕਿ ਪੰਜਾਬ ਵਿਚ ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਕੋਰੋਨਾਵਾਇਰਸ ਤੋਂ ਪ੍ਰਭਾਵਿਤ ਕੋਈ ਵੀ ਮਰੀਜ ਇਲਾਜ ਅਧੀਨ ਨਾ ਹੋਣ ਕਾਰਨ ਸਿਹਤ ਵਿਭਾਗ ਨੇ ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੁਹਾਲੀ ਅਤੇ ਮੋਗਾ ਜ਼ਿਲ੍ਹਿਆਂ ਨੂੰ ਫਿਲਹਾਲ ਕੋਰੋਨਾ ਮੁਕਤ ਐਲਾਨ ਦਿੱਤਾ ਹੈ। ਇਸੇ ਤਰ੍ਹਾਂ ਬਰਨਾਲਾ, ਕਪੂਰਥਲਾ, ਫਤਿਹਗੜ੍ਹ ਸਾਹਿਬ, ਤਰਨ ਤਾਰਨ ਅਤੇ ਰੂਪਨਗਰ ਅਜਿਹੇ ਜ਼ਿਲ੍ਹੇ ਹਨ, ਜਿੱਥੇ ਇਸ ਸਮੇਂ ਸਿਰਫ ਇੱਕ-ਇੱਕ ਮਰੀਜ਼ ਹੀ ਇਲਾਜ ਅਧੀਨ ਹੈ ਜਦੋਂ ਕਿ ਮਾਨਸਾ ਅਤੇ ਪਠਾਨਕੋਟ ਵਿੱਚ ਦੋ-ਦੋ ਮਰੀਜ਼ ਇਲਾਜ ਅਧੀਨ ਹਨ।