Corona Positive report after death : ਪਟਿਆਲਾ ਵਿਖੇ ਇਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਮੁਤਾਬਕ ਅਮਨ ਨਗਰ ਦੇ ਰਹਿਣ ਵਾਲੇ ਇਸ ਵਿਅਕਤੀ ਨੂੰ ਕੱਲ ਮਾਤਾ ਕੌਸ਼ਲਿਆ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਡਾਕਟਰਾਂ ਵੱਲੋਂ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪਰਿਵਾਰ ਦੇ ਕਹਿਣ ’ਤੇ ਉਸ ਵਿਅਕਤੀ ਦਾ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਮ੍ਰਿਤਕ ਵਿਅਕਤੀ ਦੀ ਉਮਰ 39 ਸਾਲ ਦੱਸੀ ਜਾ ਰਹੀ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਦਿੱਤੀ ਗਈ। ਇਸ ਦੇ ਨਾਲ ਹੀ ਪਟਿਆਲਾ ਜ਼ਿਲੇ ਵਿਚ ਹੁਣ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 94 ਹੋ ਗਈ ਹੈ। ਮ੍ਰਿਤਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਅਮਨ ਨਗਰ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਟਿਆਲਾ ਦੇ ਮੈਰੀਟੋਰੀਅਸ ਸਕੂਲ ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਤ ਕੀਤੇ ਗਏ ਕੋਰੋਨਾ ਕੇਅਰ ਸੈਂਟਰ ਆਈਸੋਲੇਸ਼ਨ ਵਾਰਡ ਵਿਖੇ ਕੋਰੋਨਾ ਮਰੀਜ਼ ਨੂੰ ਲਿਆਂਦੇ ਜਾਣ ਅਤੇ ਉਸ ਦੇ ਟੈਸਟ ਕਰਵਾਉਣ ਸਣੇ ਦਾਖਲ ਕਰਨ ਮੌਕੇ ਡਰਿੱਲ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ, ਐਸਐਸਪੀ ਮਨਦੀਪ ਸਿੰਘ ਸਿੱਧੂ, ਏਡੀਸੀ ਵਿਕਾਸ ਡਾ. ਪ੍ਰੀਤੀ ਯਾਦਵ ਅਤੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਇਸ ਦਾ ਜਾਇਜ਼ਾ ਲਿਆ ਗਿਆ। ਸਿਹਤ ਵਿਭਾਗ ਵੱਲੋਂ ਵਿਅਕਤੀ ਦੇ ਪਰਿਵਾਰ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਉਸ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦਾ ਕਹਿਰ ਸੂਬੇ ਵਿਚ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੰਕੜਿਆ ਮੁਤਾਬਕ ਹੁਣ ਤੱਕ ਸੂਬੇ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 1532 ਤੱਕ ਪਹੁੰਚ ਗਈ ਹੈ। ਅੱਜ ਵੀ ਕੋਰੋਨਾ ਵਾਇਰਸ ਨਾਲ ਜੂਝਦਿਆਂ ਜਲੰਧਰ ਦੇ ਇਕ ਵਿਅਕਤੀ ਨੇ ਚੰਡੀਗੜ੍ਹ ਵਿਖੇ ਪੀਜੀਆਈ ਵਿਚ ਦਮ ਤੋੜ ਦਿੱਤਾ।