Corona to BJP MLA from Abohar : ਹਲਕਾ ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਭਾਜਪਾ ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਬੁਖਾਰ ਦੇ ਨਾਲ ਹੱਡ ਭਖਣੀ ਜਿਹੀ ਮਹਿਸੂਸ ਹੋ ਰਹੀ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਆਪਣਾ ਕੋਰੋਨਾ ਦਾ ਟੈਸਟ ਕਰਵਾਇਆ, ਜਿਸ ਦੀ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਉਨ੍ਹਾਂ ਸਾਵਧਾਨੀ ਵਰਤਦੇ ਹੋਏ ਆਪਣੇ ਆਪ ਨੂੰ ਹੋਮ ਕੁਆਰੰਟਟਾਈਨ ਕਰ ਲਿਆ ਹੈ । ਉਨ੍ਹਾਂ ਇਸ ਸਬੰਧੀ ਆਪਣੇ ਸੋਸ਼ਲ ਅਕਾਊਂਟ ‘ਤੇ ਵੀ ਇਸਦੀ ਜਾਣਕਾਰੀ ਸਾਂਝੀ ਕਰਦਿਆਂ ਬੀਤੇ 48 ਘੰਟਿਆਂ ਦੌਰਾਨ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਵਿਅਕਤੀਆਂ ਨੂੰ ਜਾਂਚ ਕਰਵਾਉਣ ਦੀ ਸਲਾਹ ਦਿਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਇਸ ਸਮੇਂ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਗਿਰਾਵਟ ਆਈ ਹੈ ਪਰ ਪਰ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੈਡੀਕਲ ਮਾਹਿਰਾਂ ਦੀ ਸਲਾਹ ਤੋਂ ਬਾਅਦ ਵੱਡਾ ਦਾਅਵਾ ਕੀਤਾ ਹੈ, ਉਨ੍ਹਾਂ ਕਿਹਾ ਕਿ 30 ਨਵੰਬਰ ਤੱਕ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਆ ਸਕਦੀ ਹੈ। ਇਸ ਦੌਰਾਨ ਇੱਕ ਵਾਰ ਮੁੜ ਤੋਂ ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਰਫ਼ਤਾਰ ਆਪਣੇ ਸਿਖ਼ਰ ‘ਤੇ ਪਹੁੰਚੇਗੀ। ਇਸ ਲਈ ਸੂਬੇ ਦੇ ਲੋਕਾਂ ਨੂੰ ਅਹਿਤਿਆਤੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੋਰੋਨਾ ਦੀ ਦੂਜੀ ਲਹਿਰ ਦੇ ਲਈ ਪੰਜਾਬ ਸਰਕਾਰ ਨੇ ਰਣਨੀਤੀ ਵੀ ਤਿਆਰ ਕੀਤੀ ਹੈ ਤਾਂਕਿ ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਵਿੱਚ ਕੋਰੋਨਾ ਦੇ 480 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ ਅਤੇ 15 ਲੋਕਾਂ ਨੇ ਦਮ ਤੋੜਿਆ। ਬੀਤੇ ਦਿਨ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 136958 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 127821 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 4827 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4310 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2726398 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 19657 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।