COVID-19 cases India: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਵਧਦੀ ਹੀ ਜਾ ਰਹੀ ਹੈ । ਜਿਸਦੇ ਮੱਦੇਨਜ਼ਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇੱਕ ਲੱਖ 51 ਹਜ਼ਾਰ ਪਾਰ ਕਰ ਗਿਆ ਹੈ । ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 1 ਲੱਖ 51 ਹਜ਼ਾਰ 767 ਹੈ, ਜਿਨ੍ਹਾਂ ਵਿਚੋਂ 4337 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ 64 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ ।
ਦਰਅਸਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6387 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 170 ਲੋਕਾਂ ਦੀ ਮੌਤ ਹੋ ਗਈ ਹੈ । ਜਿਸ ਤੋਂ ਬਾਅਦ ਹਾਲੇ ਵੀ ਦੇਸ਼ ਵਿੱਚ 83 ਹਜ਼ਾਰ ਤੋਂ ਵੱਧ ਮਾਮਲੇ ਸਰਗਰਮ ਹਨ । ਇਸ ਵਾਇਰਸ ਦੀ ਸਭ ਤੋਂ ਵੱਧ ਮਾਰ ਮਹਾਂਰਾਸਟਰ ਝੱਲ ਰਿਹਾ ਹੈ, ਜਿੱਥੇ ਕੁੱਲ ਪੀੜਤਾਂ ਦੀ ਗਿਣਤੀ 54 ਹਜ਼ਾਰ 758 ਹੋ ਗਈ ਹੈ, ਜਿਨ੍ਹਾਂ ਵਿਚੋਂ 1792 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਉੱਥੇ ਹੀ ਤਾਮਿਲਨਾਡੂ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 17 ਹਜ਼ਾਰ ਪਾਰ ਕਰ ਗਈ ਹੈ ਅਤੇ ਇੱਥੇ ਹੁਣ ਤੱਕ 127 ਲੋਕ ਜਾਨ ਗਵਾ ਚੁੱਕੇ ਹਨ । ਮਹਾਂਰਾਸ਼ਟਰ ਅਤੇ ਤਾਮਿਲਨਾਡੂ ਤੋਂ ਬਾਅਦ ਗੁਜਰਾਤ ਵਿੱਚ ਵੀ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ । ਹੁਣ ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 14821 ਹੋ ਗਈ ਹੈ, ਜਿਸ ਵਿਚੋਂ 915 ਲੋਕਾਂ ਦੀ ਮੌਤ ਹੋ ਚੁੱਕੀ ਹੈ । ਦੱਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਕੁੱਲ ਕੋਰੋਨਾ ਮਰੀਜ਼ਾਂ ਦਾ ਅੰਕੜਾ 14465 ਹੈ । ਇੱਥੇ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ ।
ਕੇਂਦਰ ਸਰਕਾਰ ਅਤੇ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿੱਚ ਸਥਿਤੀ ਠੀਕ ਹੈ ਅਤੇ ਬਾਕੀ ਦੇਸ਼ਾਂ ਦੇ ਮੁਕਾਬਲੇ ਭਾਰਤ ਦੀ ਸਥਿਤੀ ਬਿਹਤਰ ਹੈ । ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ । ਇਸ ਦੇ ਨਾਲ ਹੀ ਮੌਤ ਦਰ ਵੀ ਲਗਾਤਾਰ ਘੱਟ ਰਹੀ ਹੈ ।