ਚੰਡੀਗੜ੍ਹ: ਪੰਜਾਬ ਪਸ਼ੂ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ। ਇਸ ਵਿੱਚ ਗਊ ਨੂੰ ਰਾਸ਼ਟਰੀ ਪਸ਼ੂ ਐਲਾਨ ਕਰਨ ਦੀ ਸਿਫਾਰਸ਼ ਲਈ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਗਈ ਹੈ।
ਚੇਅਰਮੈਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਭਾਰਤੀ ਸੰਵਿਧਾਨ ਦੇ ਅਧਿਆਇ 4 ਦੀ ਧਾਰਾ 48 ਵਿੱਚ ਸੋਧ ਕੀਤੀ ਜਾਵੇ ਤਾਂ ਜੋ ਗਊ ਹੱਤਿਆ ‘ਤੇ ਰੋਕ ਲਗਾਈ ਜਾ ਸਕੇ। ਸਾਰੇ ਰਾਜਾਂ ਵਿੱਚ ਇੱਕ ਸਾਂਝਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਗਊ ਹੱਤਿਆ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਅਤੇ ਗਊ ਦੀ ਸੁਰੱਖਿਆ ਲਈ ਸਖਤ ਕਦਮ ਚੁੱਕਣ ਦੀ ਵੀ ਮੰਗ ਕੀਤੀ ਗਈ ਹੈ। ਰਾਜਪਾਲ ਨੇ ਇਸ ਸਬੰਧ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।
ਚੇਅਰਮੈਨ ਸ਼ਰਮਾ ਨੇ ਰਾਜਪਾਲ ਨੂੰ ਕਿਹਾ ਕਿ ਗਊ ਭਾਰਤੀ ਸੰਸਕ੍ਰਿਤੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਨਾਤਨ ਧਰਮ ਦੇ ਅਧਿਆਤਮਕ ਵਿਸ਼ਵਾਸ ਨੂੰ ਦਰਸਾਉਂਦੀ ਹੈ, ਪਰ ਇਹ ਕੂੜਾ ਖਾ ਕੇ ਜੀਊਣ ਲਈ ਮਜਬੂਰ ਹੈ।
ਇਹ ਵੀ ਪੜ੍ਹੋ : ਕੈਪਟਨ ਦਾ ਅਸਤੀਫਾ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਦੀ ਸਜ਼ਾ : ਸੁਖਬੀਰ ਬਾਦਲ
ਨਾਲ ਹੀ ਭੂ ਮਾਫੀਆ ਨੇ ਦੇਸ਼ ਦੀ ਜ਼ਮੀਨ ਦੇ ਇੱਕ ਵੱਡੇ ਹਿੱਸੇ ‘ਤੇ ਕਬਜ਼ਾ ਕਰ ਲਿਆ ਹੈ, ਜਿਸ ਕਾਰਨ ਗਊ ਨੂੰ ਸਥਾਈ ਪਨਾਹ ਨਹੀਂ ਮਿਲ ਰਹੀ ਹੈ। ਇਸ ਕਾਰਨ ਸੜਕ ਹਾਦਸਿਆਂ ਵਿੱਚ ਕਾਫੀ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਹਰ ਰੋਜ਼ ਗਊਆਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਖਤ ਕਾਨੂੰਨਾਂ ਦੀ ਘਾਟ ਕਾਰਨ ਗਊ ਤਸਕਰ ਅਤੇ ਕਾਤਲ ਅਸਾਨੀ ਨਾਲ ਬਚ ਜਾਂਦੇ ਹਨ।