ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਜ਼ਿਲ੍ਹੇ ਵਿੱਚ ਲਗਾਏ ਗਏ ਕਰਫਿਊ ਨੂੰ ਹੁਣ ਹੋਰ ਵਧਾ ਦਿੱਤਾ ਗਿਆ ਹੈ। ਹੁਣ ਇਹ ਕਰਫਿਊ 10 ਜੂਨ ਤੱਕ ਲਾਗੂ ਰਹੇਗਾ। ਹਾਲਾਂਕਿ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਆਮ ਲੋਕਾਂ ਨੂੰ ਛੋਟ ਵੀ ਦਿੱਤੀ ਹੈ।
ਜਿਸ ਮੁਤਾਬਕ ਲੋਕ ਆਪਣੇ ਨਿੱਜੀ ਵਾਹਨਾਂ ਵਿੱਚ ਟਰਾਂਸਪੋਰਟ ਵਿਭਾਗ ਪਾਸੋਂ ਮਨਜ਼ੂਰਸ਼ੁਦਾ ਸੀਟਾਂ ਦੀ ਸਮਰੱਥਾ ਅਨੁਸਾਰ ਸਫਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਵਾਹਨਾਂ ਵਿਚ ਯਾਤਰੀਆਂ ਦੀ ਗਿਣਤੀ ਦੀ ਹੱਦ ਨੂੰ ਹਟਾ ਦਿੱਤਾ ਗਿਆ ਹੈ ਕਿਉਂਕਿ ਨਿੱਜੀ ਕਾਰਾਂ ਅਤੇ ਦੋ ਪਹੀਆ ਵਾਹਨਾਂ ਦੀ ਸੀਮਾ ਨੂੰ ਹਟਾ ਦਿੱਤਾ ਗਿਆ ਹੈ ਕਿਉਂਕਿ ਇਹ ਮੁੱਖ ਤੌਰ ‘ਤੇ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਦੋਸਤ ਹੀ ਇਸਤੇਮਾਲ ਕਰਦੇ ਹਨ, ਫਿਲਹਾਲ ਵਪਾਰਕ ਯਾਤਰੀ ਵਾਹਨਾਂ ਅਤੇ ਟੈਕਸੀ ‘ਤੇ ਇਹ ਹੱਦ ਜਾਰੀ ਰਹੇਗੀ।
ਦੱਸ ਦੇਈਏ ਕਿ ਕੋਰੋਨਾ ਦੇ ਘੱਟਦੇ ਮਾਮਲਿਆਂ ਦੇ ਚੱਲਦਿਆਂ ਬੁੱਧਵਾਰ ਨੂੰ ਪ੍ਰਸ਼ਾਸਨ ਨੋ ਲੋਕਾਂ ਨੂੰ ਦੁਕਾਨਾਂ ਖੋਲ੍ਹਣ ਦੇ ਸਮੇਂ ਵਿੱਚ ਰਾਹਤ ਦਿੰਦੇ ਹੋਏ ਇਸ ਨੂੰ ਵਧਾ ਕੇ ਦੁਪਹਿਰ ਤਿੰਨ ਵਜੇ ਤੱਕ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਇਹ ਸਮਾਂ 1 ਵਜੇ ਕੀਤਾ ਗਿਆ ਸੀ। ਹੁਣ ਜ਼ਿਲ੍ਹੇ ਵਿੱਚ ਦੁਕਾਨਾਂ ਤੇ ਕਾਰੋਬਾਰੀ ਭਾਈਚਾਰੇ ਸਵੇਰੇ 5 ਵਜੇ ਤੋਂ 3 ਵਜੇ ਤੱਕ ਆਪਣਾ ਕਾਰੋਬਾਰ ਜਾਰੀ ਰੱਖ ਸਕਦੇ ਹਨ।
ਇਹ ਵੀ ਪੜ੍ਹੋ : ਜਲੰਧਰ ’ਚ ਹਨੀਟਰੈਪ ਗਿਰੋਹ ਦਾ ਪਰਦਾਫਾਸ਼- ASI ਤੇ ਕਾਂਸਟੇਬਲ ਹੀ ਨਿਕਲੇ ਸਰਗਨਾ, ਇੰਝ ਹੋਇਆ ਖੁਲਾਸਾ
ਇਸ ਦੇ ਨਾਲ ਹੀ ਘਰਾਂ ਵਿੱਚ ਖਾਣੇ ਦੀ ਹੋਮ ਡਿਲਵਰੀ ਦਾ ਸਮਾਂ ਵੀ ਵਧਾ ਕੇ ਰਾਤ 9 ਵਜੇ ਤੱਕ ਕਰ ਦਿੱਤਾ ਗਿਆ ਹੈ। ਹਾਲਾਂਕਿ ਵੀਕੈਂਡ ਕਰਫਿਊ ਅਜੇ ਜਾਰੀ ਰਹੇਗਾ। ਦੱਸ ਦੇਈਏ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਗਿਰਾਵਟ ਆਈ ਹੈ। ਅੱਜ 401 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਉਥੇ ਹੀ 24 ਮੌਤਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚੋਂ 14 ਜ਼ਿਲ੍ਹੇ ਨਾਲ ਸੰਬੰਧਤ ਹਨ।