DC takes tough action : ਲੁਧਿਆਣਾ ’ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਜਿਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਦੁੱਗਰੀ ਦੇ ਅਰਬਨ ਅਸਟੇਟ ਦੇ ਫੇਜ਼-1 ਤੇ ਫੇਜ਼ 2 ਵਿੱਚੋਂ ਵੱਡੀ ਗਿਣਤੀ ਵਿੱਚ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ, ਜਿਸ ਕਰਕੇ ਪ੍ਰਸ਼ਾਸਨ ਨੇ ਸਖਤੀ ਕਰਦਿਆਂ ਇਨ੍ਹਾਂ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਇਨ੍ਹਾਂ ਦੋਹਾਂ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਇਥੇ ਲੌਕਡਾਊਨ ਵਰਗੀਆਂ ਪਾਬੰਦੀਆਂ ਲਾਈਆਂ ਗਈਆਂ ਹਨ।
ਡਿਪਟੀ ਕਮਿਸ਼ਰਨ ਵਰਿੰਦਰ ਸ਼ਰਮਾ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਮੁਤਾਬਕ ਇਹ ਪਾਬੰਦੀਆਂ ਅੱਜ ਐਤਵਾਰ ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ ਲਾਗੂ ਹੋ ਜਾਣਗੀਆਂ। ਪ੍ਰਸ਼ਾਸਨ ਨੇ ਇਨ੍ਹਾਂ ਇਲਾਕਿਆਂ ਵਿੱਚ ਰਹਿ ਰਹੇ ਲਕਾਂ ਨੂੰ ਅਗਲੇ ਸੱਤ ਘੰਟਿਆਂ ਵਿੱਚ ਆਪਣੇ ਲਈ ਢੁਕਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਡੀਸੀ ਨੇ ਕਿਹਾ ਕਿ ਜਦੋਂ ਕਿਸੇ ਇਲਾਕੇ ਵਿੱਚੋਂ 15 ਮਾਮਲੇ ਰਿਪੋਰਟ ਕੀਤੇ ਜਾਂਦੇ ਹਨ ਤਾਂ ਇਸ ਨੂੰ ਕੰਟੇਨਮੈਂਟ ਜ਼ੋਨ ਬਣਾਇਆ ਜਾਂਦਾ ਹੈ। ਪਰ ਸ਼ਹਿਰੀ ਅਸਟੇਟ ਫੇਜ਼ 1, ਦੁੱਗਰੀ ਅਤੇ ਅਰਬਨ ਅਸਟੇਟ ਫੇਜ਼ 2, ਦੁੱਗਰੀ, ਲੁਧਿਆਣਾ ਵਿੱਚ ਹਾਲ ਹੀ ਵਿੱਚ 70 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸਿਹਤ ਵਿਭਾਗ ਵੱਲੋਂ ਬੀਤੇ ਦਿਨ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿੱਚ 835 ਸਾਹਮਣੇ ਆਏ ਹਨ। ਇੱਕ ਦਿਨ ਵਿੱਚ ਇੰਨੇ ਮਾਮਲੇ ਸਾਹਮਣੇ ਆਉਣਾ ਗੰਭੀਰ ਚਿੰਤਾ ਵਾਲੀ ਗੱਲ ਹੈ। ਉਥੇ ਹੀ 6 ਲੋਕਾਂ ਨੇ ਇਸ ਮਹਾਮਾਰੀ ਕਾਰਨ ਆਪਣੀ ਜਾਨ ਗੁਆਈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 4498 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦਾ ਧਮਾਕਾ ਹੋਇਆ ਹੈ, ਜਿਥੇ 835 ਪਾਜ਼ੀਟਿਵ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਅੱਜ ਕੋਰੋਨਾ ਨਾਲ 64 ਲੋਕਾਂ ਦੀ ਮੌਤ ਹੋਈ। ਰਾਹਤ ਵਾਲੀ ਗੱਲ ਇਹ ਰਹੀ ਕਿ ਅੱਜ 2615 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ।