Death of Surinder Singh Rumalewalia : ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲੇਵਾਲੇ ਦਾ ਸ਼ੁੱਕਰਵਾਰ ਦੇਰ ਰਾਤ ਨੂੰ ਅੰਮ੍ਰਿਤਸਰ ਵਿੱਚ ਦਿਹਾਂਤ ਹੋ ਗਿਆ। ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਤੇ ਪਿਛਲੇ ਕਈ ਦਹਾਕਿਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਅੰਮ੍ਰਿਤ ਵੇਲੇ ਸਵਈਏ ਪੜ੍ਹਨ ਦੀ ਸੇਵਾ ਨਿਭਾਉਣ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ। ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ । ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਿਹਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਕਮੇਟੀ ਨੇ ਸੋਗ ਪ੍ਰਗਟਾਇਆ ਹੈ।
ਇਥੇ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜਦੇ ਹੋਏ ਸ਼ੁੱਕਰਵਾਰ ਨੂੰ 400 ਪਾਜ਼ੀਟਿਵ ਮਰੀਜ਼ਾਂ ਦਾ ਨਵਾਂ ਅੰਕੜਾ ਖੜ੍ਹਾ ਕਰ ਦਿੱਤਾ। 24 ਘੰਟਿਆਂ ਵਿੱਚ ਇਕੱਠੇ ਇੰਨੇ ਮਰੀਜ਼ ਪਹਿਲੀ ਵਾਰ ਮਿਲੇ ਹਨ। ਇਸ ਨਾਲ ਸਿਹਤ ਵਿਭਾਗ ਤੇ ਪ੍ਰਸ਼ਾਸਨ ਦੀ ਚਿੰਤਾ ਵੱਧ ਗਈ ਹੈ। ਨਵੇਂ ਮਰੀਜ਼ਾਂ ਵਿੱਚ ਸ਼ਹਿਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਦੇ ਛੇ ਡਾਕਟਰ ਅਤੇ ਇੱਕ ਸਟਾਫ ਨਰਸ ਵੀ ਸ਼ਾਮਲ ਹੈ। ਦੱਸਣਯੋਗ ਹੈ ਕਿ ਸਤੰਬਰ ਮਹੀਨੇ ਦੇ 18 ਦਿਨਾਂ ਵਿੱਚ ਜ਼ਿਲ੍ਹੇ ਵਿੱਚ ਕੋਰੋਨਾ ਨਾਲ 120 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 7871 ਤੱਕ ਜਾ ਪਹੁੰਚਿਆ ਹੈ।