Delay in PU Senate elections : ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਵਿੱਚ ਦੇਰ ਹੋਣ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਕਾਰਨ ਬੁੱਧੀਜੀਵੀਆਂ, ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ ਯੂਨੀਵਰਸਿਟੀ ਨੂੰ ਲਗਾਤਾਰ ਇਸ ਬਾਰੇ ਕਿਹਾ ਜਾ ਰਿਹਾ ਹੈ। ਇਸੇ ਸੰਬੰਧੀ ਅੱਜ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ ਚਾਂਸਲਰ ਡਾ. ਰਾਜ ਕੁਮਾਰ ਨੂੰ ਪੱਤਰ ਲਿਖਿਆ ਜਿਸ ਵਿੱਚ ਉਨ੍ਹਾਂ ਨੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ ਹੈ। ਬਾਜਵਾ ਨੇ ਕਿਹਾ ਕਿ ਚੋਣਾਂ ਨਾ ਕਰਾਉਣ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਯੂਨੀਵਰਸਿਟੀ ਦੀ ਸੈਨੇਟ ਦੇ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਰਿਹਾ ਹੈ, ਜੋ ਨਾ ਸਿਰਫ ਲੋਕਤੰਤਰੀ ਸਿਧਾਂਤਾਂ ਦੇ ਉੱਲਟ ਹੈ ਸਗੋਂ ਮੌਜੂਦਾ ਕਨੂੰਨਾਂ ਅਤੇ ਨਿਯਮਾਂ ਦੇ ਵੀ ਵਿਰੁੱਧ ਹੈ।
ਉਚੇਰੀ ਸਿੱਖਿਆ ਮੰਤਰੀ ਨੇ ਬਿਨਾਂ ਦੇਰੀ ਕਰਦਿਆਂ ਇਹ ਚੋਣਾਂ ਕਰਵਾਉਣ ਅਤੇ ਇਨ੍ਹਾਂ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਵੱਲੋ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਸੰਬੰਧੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਵਲੋਂ “ਨੋ ਸੈਨੇਟ” ਵਾਲੀ ਮੌਜੂਦਾ ਸਥਿਤੀ ਨੂੰ ਜਾਰੀ ਰੱਖਣ ਦੇ ਹੱਕ ਵਿਚ ਨਹੀਂ। ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ 31 ਅਗਸਤ, 2020 ਨੂੰ ਖ਼ਤਮ ਹੋ ਚੁੱਕੀ ਹੈ ਅਤੇ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਸੈਨੇਟ ਲਈ ਹਰ ਚਾਰ ਸਾਲਾਂ ਬਾਅਦ ਨਿਯਮਤ ਤੌਰ ‘ਤੇ ਚੋਣਾਂ ਕਰਵਾਉਣਾ ਲਾਜ਼ਮੀ ਹੈ। ਪਿਛਲੇ ਛੇ ਦਹਾਕਿਆਂ ਦੌਰਾਨ, ਇਹ ਚੋਣਾਂ ਅਗਸਤ-ਸਤੰਬਰ ਵਿੱਚ ਹਰ ਚਾਰ ਸਾਲਾਂ ਬਾਅਦ ਨਿਯਮਿਤ ਤੌਰ `ਤੇ ਹੁੰਦੀਆਂ ਰਹੀਆਂ ਹਨ। ਇਸ ਤੋਂ ਇਲਾਵਾ, ਜੇਕਰ ਸੈਨੇਟ ਦਾ ਗਠਨ ਨਹੀਂ ਕੀਤਾ ਜਾਂਦਾ, ਤਾਂ ਯੂਨੀਵਰਸਿਟੀ ਦਾ ਸਿੰਡੀਕੇਟ ਵੀ ਨਹੀਂ ਬਣਾਈ ਜਾਵੇਗਾ ਕਿਉਂਕਿ ਇਸਦਾ ਕਾਰਜਕਾਲ 31 ਦਸੰਬਰ, 2020 ਨੂੰ ਖਤਮ ਹੋ ਰਿਹਾ ਹੈ।
ਦੱਸਣਯੋਗ ਹੈ ਕਿ ਸੀਨੇਟ ਦੀਆਂ ਚੋਣਾਂ ਕਰਵਾਉਣ ਸੰਬੰਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੂੰ ਚਿੱਠੀ ਲਿਖੀ ਹੈ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਹਨ, ਨੂੰ ਯੂਨੀਵਰਸਿਟੀ ਸੈਨੇਟ ਲਈ ਛੇਤੀ ਚੋਣਾਂ ਦੀ ਮੰਗ ਕੀਤੀ ਹੈ, ਕਿਉਂਕਿ ਪੋਲਿੰਗ ਵਿਚ ਅਣਉਚਿਤ ਦੇਰੀ ਨਾਲ ਸੰਸਥਾ ਦੇ ਵੱਖ ਵੱਖ ਹਿੱਸਿਆਂ ‘ਚ ਨਾਰਾਜ਼ਗੀ ਪੈਦਾ ਹੋ ਰਹੀ ਸੀ। ਉਨ੍ਹਾਂ ਅਪੀਲ ਕੀਤੀ ਹੈ ਕਿ ਉਹ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਲਈ ਸਲਾਹ ਦੇਣ।