Delhi Cardboard Factory Fire: ਨਵੀਂ ਦਿੱਲੀ: ਇੱਕ ਪਾਸੇ ਪੂਰੀ ਦੁਨੀਆ ਜਿੱਥੇ ਕੋਰੋਨਾ ਸੰਕਟ ਨਾਲ ਜੂਝ ਰਹੀ ਹੈ, ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਬਵਾਨਾ ਵਿੱਚ ਇੱਕ ਕਾਰਡ ਬੋਰਡ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ । ਦਰਅਸਲ, ਬਵਾਨਾ ਦਿੱਲੀ ਦਾ ਇੱਕ ਉਦਯੋਗਿਕ ਖੇਤਰ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਫੈਕਟਰੀਆਂ ਹਨ । ਇਸ ਸਬੰਧੀ ਫਾਇਰ ਬ੍ਰਿਗੇਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਸਵੇਰੇ 7.55 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ । ਜਿਸ ਤੋਂ ਤੁਰੰਤ ਬਾਅਦ 14 ਅੱਗ ਬੁਝਾਊ ਗੱਡੀਆਂ ਨੂੰ ਘਟਨਾ ਸਥਾਨ ‘ਤੇ ਭੇਜ ਦਿੱਤਾ ਗਿਆ।
ਉੱਥੇ ਹੀ ਦਿੱਲੀ ਫਾਇਰ ਸਰਵਿਸਿਜ਼ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਅੱਜ ਸਵੇਰੇ ਬਵਾਨਾ ਉਦਯੋਗਿਕ ਖੇਤਰ ਵਿੱਚ ਅੱਗ ਲੱਗ ਗਈ । ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ 14 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਭੇਜ ਦਿੱਤਾ ਗਿਆ । ਇਹ ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ । ਜ਼ਿਕਰਯੋਗ ਹੈ ਕਿ ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਵਿੱਚ ਗਰਮੀ ਦੇ ਮੌਸਮ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ।
ਦੱਸ ਦੇਈਏ ਕਿ ਅੱਗ ਲੱਗਣ ਕਾਰਨ ਫੈਕਟਰੀ ਪੂਰੀ ਤਰ੍ਹਾਂ ਸੜ੍ਹ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਅੱਗ ਤੇਜ਼ੀ ਨਾਲ ਫੈਲ ਚੁੱਕੀ ਸੀ । ਫੈਕਟਰੀ ਵਿੱਚ ਕੁਝ ਕੱਚਾ ਮਾਲ ਵੀ ਰੱਖਿਆ ਹੋਇਆ ਸੀ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ । ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।