Dera Radha Swami Satsang Bhawan Beas : ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਵੱਲੋਂ ਰਾਧਾ ਸਵਾਮੀ ਸਤਿਸੰਗ ਭਵਨ ਬਿਆਸ ਲਈ ਵੱਡੀ ਛੋਟ ਦਿੱਤੀ ਗਈ ਹੈ ਜਿਸ ਅਧੀਨ ਉਨ੍ਹਾਂ ਦੇ ਸਤਿਸੰਗ ਭਵਨ ਲਈ CLU (Change of Land Use) ਫੀਸ ਹਟਾ ਦਿੱਤੀ ਗਈ ਹੈ। ਭਾਵੇਂ ਇਹ ਭਵਨ ਪਹਿਲਾਂ ਬਣ ਚੁੱਕੇ ਹਨ ਜਾਂ ਫਿਰ ਆਉਣ ਵਾਲੇ ਆਉਣ ਵਾਲੇ ਸਮੇਂ ਵਿੱਚ ਬਣਨਗੇ ਦੋਵਾਂ ਲਈ CLUPF ਹੁਣ ਨਹੀਂ ਲੱਗੇਗੀ। ਪੰਜਾਬ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਰਾਧਾ ਸਵਾਮੀ ਡੇਰਾ ਬਿਆਸ ਭਾਵੇਂ ਉਹ ਕਿਸੇ ਵੀ ਖੇਤਰ ਵਿੱਚ ਹੋਵੇ, ਵੱਲੋਂ ਸਮਾਜ ਵਿੱਚ ਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ।
ਕੈਬਨਿਟ ਵੱਲੋਂ CLU ਤੋਂ ਇਲਾਵਾ ਕੈਬਨਿਟ ਵੱਲੋਂ ਹੋਰ ਦਰਾਂ ਨੂੰ ਮੁਆਫ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਬਾਹਰੀ ਵਿਕਾਸ ਚਾਰਜ (ਈ.ਡੀ.ਸੀ.), ਪ੍ਰਵਾਨਗੀ ਫੀਸ (ਪੀ.ਐਫ), ਸਮਾਜਿਕ ਬੁਨਿਆਦੀ ਢਾਂਚਾ ਫੰਡ (ਐਸ.ਆਈ.ਐਫ.) ਅਤੇ ਇਮਾਰਤ ਪੜਤਾਲ ਫੀਸ ਸ਼ਾਮਲ ਹੈ। ਮਕਾਨ ਤੇ ਸ਼ਹਿਰ ਵਿਕਾਸ ਵਿਭਾਗ ਵੱਲੋਂ ਪੇਸ਼ ਕੀਤੇ ਪ੍ਰਸਤਾਵ ਨੂੰ ਦਿੱਤੀ ਗਈ ਮਨਜ਼ੂਰੀ ਨਾਲ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸੌਂਪੀ ਗਈ ਸੂਚੀ ਮੁਤਾਬਕ 12.18 ਕਰੋੜ ਰੁਪਏ ਦੀ ਵਿੱਤੀ ਬੋਝ ਬਣਦਾ ਹੈ ਜਿਸ ਵਿੱਚੋਂ 6.96 ਕਰੋੜ ਰੁਪਏ ਸੂਬਾ ਸਰਕਾਰ ਦੇ ਖਜ਼ਾਨੇ ਨਾਲ ਜਦਕਿ 5.22 ਕਰੋੜ ਰੁਪਏ ਸ਼ਹਿਰੀ ਵਿਕਾਸ ਅਥਾਰਟੀਆਂ ਨਾਲ ਸਬੰਧਤ ਹੈ।
ਇਹ ਜ਼ਿਕਰਯੋਗ ਹੈ ਕਿ 10 ਮਈ, 2012 ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੁਰਗਿਆਣਾ ਮੰਦਰ ਅੰਮ੍ਰਿਤਸਰ ਅਤੇ ਦੇਵੀ ਤਲਾਬ ਮੰਦਰ ਜਲੰਧਰ ਵੱਲੋਂ ਸਥਾਪਤ ਕੀਤੇ ਸਿੱਖਿਆ, ਸਿਹਤ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਲਈ ਉਪਰੋਕਤ ਚਾਰਜ ਤੋਂ ਪਹਿਲਾਂ ਹੀ ਛੋਟ ਦਿੱਤੀ ਹੋਈ ਹੈ।