ਹਰਿਆਣਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅੰਬਾਲੇ ਦੇ ਪਿੰਡ ਬਬਿਆਲ ਵਿੱਚ ਇਹ ਬੇਅਦਬੀ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵਿੱਚ ਭਾਰੀ ਰੋਸ ਹੈ। ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਿੱਖ ਜਥੇਬੰਦੀਆਂ ਵੀ ਮੌਕੇ ‘ਤੇ ਪਹੁੰਚੀਆਂ।
ਬੇਅਦਬੀ ਗੁਰਦੁਆਰਾ ਸਾਹਿਬ ਦੇ ਅੰਦਰ ਹੋਈ ਹੈ। ਮਿਲੀ ਜਾਣਕਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਮਿਲੇ। ਉਥੇ ਪਹੁੰਚੀ ਸੰਗਤ ਨੇ ਦੱਸਿਆ ਕਿ ਜਦੋਂ ਸਵੇਰੇ ਉਹ ਮੱਥਾ ਟੇਕਣ ਆਏ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਦਅਦਬੀ ਹੋ ਚੁੱਕੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਸੁਖਮਨਪ੍ਰੀਤ ਨੇ ਕੈਨੇਡਾ ‘ਚ ਚਮਕਾਇਆ ਪੰਜਾਬ ਦਾ ਨਾਂ, ਗੋਰਿਆਂ ਦੀ ਅੰਡਰ-18 ਹਾਕੀ ਟੀਮ ਦਾ ਬਣਿਆ ਕੈਪਟਨ
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਬਉੱਚ ਹਨ, ਜਿਨ੍ਹਾਂ ਪ੍ਰਤੀ ਹਰ ਸਿੱਖ ਦੇ ਮਨ ਵਿਚ ਸ਼ਰਧਾ ਤੇ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ ਦੀ ਬੇਅਦਬੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਕੁਝ ਨੀਵੀਂ ਮਾਨਸਿਕਤਾ ਵਾਲੀਆਂ ਤਾਕਤਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ।