DGPs hold meeting in Punjab : ਚੰਡੀਗੜ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀਜ਼) ਦੀ ਤਾਲਮੇਲ ਮੀਟਿੰਗ ਅੱਜ ਵੀਰਵਾਰ ਨੂੰ ਪੰਚਕੂਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਇਨ੍ਹਾਂ ਸੂਬਿਆਂ ’ਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਘੜਨ ਅਤੇ ਕਾਰਜ ਯੋਜਨਾ ਤਿਆਰ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤੀ ਗਈ। ਮੀਟਿੰਗ ਦੌਰਾਨ ਉਕਤ ਖੇਤਰਾਂ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਖਿਲਾਫ਼ ਰਣਨੀਤੀ ਤਿਆਰ ਕਰਨ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਤਲੇਆਮ, ਕਤਲ ਦੀ ਕੋਸ਼ਿਸ਼, ਜਬਰਨ ਵਸੂਲੀ ਆਦਿ ਅਪਰਾਧਾਂ ਨੂੰ ਠੱਲ੍ਹ ਪਾਉਣ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਈ ਅਪਰਾਧੀਆਂ ਦੀ ਜੇਲ੍ਹ ਵਿੱਚੋਂ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚਣ ਅਤੇ ਯੋਜਨਾਬੰਦੀ ਆਦਿ ਵਿੱਚ ਸ਼ਮੂਲੀਅਤ ਦੇ ਮਾਮਲੇ ਸਾਹਮਣੇ ਆਏ ਹਨ। ਹਾਲ ਹੀ ਵਿੱਚ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸੰਪਤ ਨੇਹਰਾ ਰਾਜਸਥਾਨ ਵਿੱਚ 3 ਵਿਅਕਤੀਆਂ ਦੀ ਹੱਤਿਆ ਵਿੱਚ ਸ਼ਾਮਲ ਪਾਇਆ ਗਿਆ ਸੀ। ਇਸੇ ਤਰ੍ਹਾਂ ਨਾਭਾ ਜੇਲ੍ਹ ਵਿੱਚ ਬੰਦ ਰਾਜੀਵ ਰਾਜਾ ਨੇ ਮੱਧ ਪ੍ਰਦੇਸ਼ ਤੋਂ ਦੇਸੀ ਹਥਿਆਰ ਖ਼ਰੀਦੇ ਸਨ।
ਲਾਰੇਂਸ ਬਿਸ਼ਨੋਈ ਨੇ ਰਾਜਸਥਾਨ ਦੀ ਜੇਲ੍ਹ ’ਚੋਂ ਫਰੀਦਕੋਟ ਵਿੱਚ ਨੌਜਵਾਨ ਕਾਂਗਰਸੀ ਆਗੂ ਗੁਰਲਾਲ ਸਿੰਘ ਦੀ ਹੱਤਿਆ ਦੀ ਯੋਜਨਾ ਬਣਾਈ ਅਤੇ ਇਸਨੂੰ ਅੰਜਾਮ ਦਿੱਤਾ। ਉਹ ਕੈਨੇਡਾ ਅਤੇ ਯੂਕੇ ਤੋਂ ਆਪਣੇ ਸਾਥੀਆਂ ਰਾਹੀਂ ਜ਼ਬਰਨ ਵਸੂਲੀ ਸਬੰਧੀ ਕਾਲਾਂ ਕਰਨ ਵਿੱਚ ਵੀ ਸ਼ਾਮਲ ਰਿਹਾ ਹੈ। ਅਧਿਕਾਰੀਆਂ ਨੇ ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਪਰਾਧੀਆਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ। ਅਧਿਕਾਰੀਆਂ ਨੇ ਅਸਲਾ ਐਕਟ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਅਪਰਾਧੀਆਂ ਨੂੰ ਅਸਲਾ ਸਪਲਾਈ ਕਰਨ ਵਿੱਚ ਲਾਇਸੰਸਸ਼ੁਦਾ ਅਸਲਾ ਡੀਲਰਾਂ ਦੁਆਰਾ ਇਸ ਦੀ ਦੁਰਵਰਤੋਂ ਸਬੰਧੀ ਚਿੰਤਾ ਜ਼ਾਹਰ ਕੀਤੀ। ਅਜਿਹੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਪੰਜਾਬ ਦੇ ਗੰਨ ਹਾਊਸ ਮਾਲਕਾਂ ਵੱਲੋਂ ਐਮ.ਪੀ. ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਰਾਜਾਂ ਵਿੱਚ ਨਾਜਾਇਜ਼ ਹਥਿਆਰ ਬਣਾਉਣ ਵਾਲਿਆਂ ਨੂੰ ਅਸਲਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਅਪਰਾਧੀਆਂ ਵਿਦੇਸ਼ ਯਾਤਰਾ ਲਈ ਪਾਸਪੋਰਟ ਬਣਾਉਣ ਵਾਸਤੇ ਜਾਅਲੀ ਪਛਾਣ ਦੀ ਵਰਤੋਂ ਕਰਨ ਦੇ ਮਾਮਲੇ ਵੀ ਸਾਹਮਣੇ ਆਏ ਹਨ। ਮੀਟਿੰਗ ਵਿੱਚ ਫ਼ਰਜ਼ੀ ਦਸਤਾਵੇਜ਼ ਬਣਾਉਣ ਵਿਚ ਸ਼ਾਮਲ ਅਜਿਹੇ ਟਰੈਵਲ ਏਜੰਟਾਂ ਦੀ ਪਛਾਣ ਕਰਨ ਅਤੇ ਉਨਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਨ੍ਹਾਂ ਖੇਤਰਾਂ ਵਿਚ ਸਰਗਰਮ ਅਤਿ ਲੋੜੀਂਦੇ ਫਰਾਰ ਅਪਰਾਧੀਆਂ ਦੀ ਸੂਚੀ ਬਣਾਉਣ ਅਤੇ ਉਨਾਂ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਨਵੀਨਤਮ ਤਕਨਾਲੋਜੀ ਦੀ ਵਰਤੋਂ ਨਾਲ ਜਾਣਕਾਰੀ ਨੂੰ ਅਸਲ ਸਮੇਂ ’ਤੇ ਸਾਂਝਾ ਕਰਨ ’ਤੇ ਜ਼ੋਰ ਦਿੱਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਗੈਂਗਸਟਰਾਂ ਖਿਲਾਫ ਕਾਰਵਾਈ ਦੀ ਤਾਜ਼ਾ ਸਥਿਤੀ ਸਬੰਧੀ ਅਪਡੇਟ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਸਾਂਝੀਆਂ ਅੰਤਰ-ਰਾਜੀ ਤਿਮਾਹੀ ਮੀਟਿੰਗਾਂ ਕੀਤੀਆਂ ਜਾਣਗੀਆਂ। ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸੁਝਾਅ ਦਿੱਤਾ ਕਿ ਖੇਤਰ ਦੇ ਸਰਗਰਮ ਗੈਂਗਸਟਰਾਂ ਅਤੇ ਅਪਰਾਧਿਕ ਗਿਰੋਹਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਗੁਆਂਢੀ ਸੂਬਿਆਂ ਦੇ ਜ਼ਿਲਾ ਪੁਲਿਸ ਮੁਖੀਆਂ ਨਾਲ ਤਿਮਾਹੀ ਜਾਂ ਦੋ-ਮਹੀਨਾਵਾਰ ਮੀਟਿੰਗ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਲਾਂ ਵਿੱਚੋਂ ਆਪਰਾਧਿਕ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ ਨੂੰ ਸੂਬੇ ਤੋਂ ਬਾਹਰ ਦੀਆਂ ਜੇਲਾਂ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਡੀਜੀਪੀ ਪੰਜਾਬ ਨੇ ਸੰਗਠਿਤ ਅਪਰਾਧ ਵਾਲੇ ਗਿਰੋਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਵਰਗੇ ਕਾਨੂੰਨ ਬਣਾਉਣ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ। ਇਸ ਦੌਰਾਨ, ਪੰਜਾਬ, ਹਰਿਆਣਾ ਅਤੇ ਚੰਡੀਗੜ (ਯੂਟੀ) ਦੇ ਪੁਲਿਸ ਅਧਿਕਾਰੀਆਂ ਨੇ ਮੌਜੂਦਾ ਵੇਲੇ ਆਪਣੇ ਖੇਤਰ ਵਿਚ ਸਰਗਰਮ ਵੱਖ-ਵੱਖ ਗਿਰੋਹਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।