Dhindsa will also return : ਚੰਡੀਗੜ੍ਹ : ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਪੂਰੇ ਦੇਸ਼ ਤੋਂ ਕਿਸਾਨਾਂ ਵੱਲੋਂ ਕੌਮੀ ਰਾਜਧਾਨੀ ਵਿੱਚ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਹੱਕ ਵਿੱਚ ਕਈ ਖਿਡਾਰੀ, ਕਲਾਕਾਰ ਤੇ ਸਿਆਸੀ ਆਗੂ ਅੱਗੇ ਆ ਰਹੇ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਿਸ ਕਰ ਦਿੱਤਾ ਹੈ। ਉਸ ਤੋਂ ਕੁਝ ਦੇਰ ਬਾਅਦ ਹੀ ਸਾਬਕਾ ਕੇਂਦਰੀ ਮੰਤਰੀ, ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸ: ਸੁਖ਼ਦੇਵ ਸਿੰਘ ਢੀਂਡਸਾ ਨੇ ਵੀ ਪਦਮ ਭੂਸ਼ਣ ਐਵਾਰਡ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਉਹ ਵੀ ਐਵਾਰਡ ਵਾਪਸੀ ਸੰਬੰਧੀ ਪੱਤਰ ਰਾਸ਼ਟਰਪਤੀ ਨੂੰ ਭੇਜ ਦੇਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਥੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ, ਬਜ਼ੁਰਗ, ਬੱਚੇ ਅਤੇ ਔਰਤਾਂ ਇੰਨੀ ਠੰਡ ਵਿਚਕਾਰ ਸੰਘਰਸ਼ ਕਰ ਰਹੇ ਹਨ, ਉਥੇ ਉਹ ਇਸ ਐਵਾਰਡ ਦਾ ਕੀ ਕਰਨਗੇ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਕੇਂਦਰ ਸਰਕਾਰ ਵੱਲੋਂ 2019 ਵਿੱਚ ਪਦਮ ਵਿਭੂਸ਼ਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਤਕਰੀਬਨ ਤਿੰਨ ਪੰਨਿਆਂ ਦਾ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ‘ਤੇ ਕੀਤੀ ਗਈ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਆਪਣਾ ਸਨਮਾਨ ਵਾਪਿਸ ਕਰ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ 2015 ਦੇ ਵਿੱਚ ਇਹ ਸਨਮਾਨ ਦਿੱਤਾ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ ਕਿ ਜਿਸ ਤਰ੍ਹਾਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ, ਉਸ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਜਿਸ ਤਰਾਂ ਕਿਸਾਨਾਂ ਵਡੇ ਅੰਦੋਲਨ ਨੂੰ ਗਲਤ ਦ੍ਰਿਸ਼ਟੀਕੋਣ ਨਾਲ ਪੇਸ਼ ਕੀਤਾ ਜਾਂ ਰਿਹਾ ਹੈ, ਇਹ ਦੁਖਦਾਈ ਹੈ।