Director Rural Development : ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੇ ਕੋਰੋਨਾ ਦੀ ਲਪੇਟ ਵਿਚ ਆਉਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅੱਜ ਇਥੇ ਪੰਜਾਬ ਦੇ ਰੂਰਲ ਡਿਵੈਲਪਮੈਂਟ ਵਿਭਾਗ ਦੇ ਡਾਇਰੈਕਟਰ ਆਈਏਐਸ ਅਧਿਕਾਰੀ ਵਿਪੁਲ ਉੱਜਵਲ ਦੀ ਅਤੇ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜ਼ਿਕਰਯੋਗ ਹੈ ਕਿ ਵਿਪੁਲ ਉਜਵਲ ਦੀ ਪਤਨੀ ਸੋਨਾਲੀ ਗਿਰੀ ਰੋਪੜ ਵਿਚ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਹਨ।
ਦੱਸਿਆ ਜਾ ਰਿਹਾ ਹੈ ਕਿ ਰੂਰਲ ਡਿਵੈਲਪਮੈਂਟ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਜੋਂ ਕੱਲ੍ਹ ਇਥੇ ਇਕ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਵਿਪੁਲ ਉੱਜਵਲ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇਲਾਵਾ ਮੀਟਿੰਗ ਵਿਚ ਹੋਰ ਵੀ ਕਈ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਸੀ। ਇਸ ਗੱਲ ਦੀ ਪੁਸ਼ਟੀ ਮੰਤਰੀ ਬਾਜਵਾ ਨੇ ਕੀਤੀ। ਹਾਲਾਂਕਿ ਮੁਲਾਕਾਤ ਦੌਰਾਨ ਉਹ ਉਨ੍ਹਾਂ ਤੋਂ ਕੁਝ ਦੂਰੀ ’ਤੇ ਸਨ। ਦੱਸਿਆ ਜਾ ਰਿਹਾ ਹੈ ਕਿ ਹੁਣ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਆਪਣਾ ਟੈਸਟ ਕਰਵਾ ਰਹੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦੋ ਦਿਨਾਂ ਤੋਂ ਸੂਬੇ ਵਿਚ ਕੋਰੋਨਾ ਦੇ 446 ਮਾਮਲੇ ਸਾਹਮਣੇ ਆਏ ਹਨ ਅਤੇ 11 ਲੋਕਾਂ ਦੀਆਂ ਇਸ ਨਾਲ ਮੌਤਾਂ ਹੋਈਆਂ ਹਨ। ਇਨ੍ਹਾਂ ਮਾਮਲਿਆਂ ਵਿਚ ਪੰਜਾਬ ਦੇ ਉੱਚ ਅਧਿਕਾਰੀ ਵੀ ਸ਼ਾਮਲ ਹਨ, ਜਿਨ੍ਹਾਂ ਵਿਚ 11 ਪੀਸੀਐਸ ਅਧਿਕਾਰੀ, ਜਲੰਧਰ ਦਿਹਾਤੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ, ਸ਼ਾਹਕੋਟ ਦੇ ਐਡਸੀਐਮ ਡਾ. ਸੰਜੀਵ ਕੁਮਾਰ ਸ਼ਰਮਾ, ਪਾਇਲ (ਲੁਧਿਆਣਾ) ਦੇ ਐਸਡੀਐਮ ਮਾਨਕਵਾਲ ਸਿੰਘ ਚਾਹਲ ਤੇ ਦਿੜਬਾ ਦੇ ਐਸਡੀਐਮ ਮਨਜੀਤ ਸਿੰਘ ਚੀਮਾ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਅਤੇ ਮਿਨੀ ਸਕੱਤਰੇਤ ਵਿਚ ਆਮ ਲੋਕਾਂ ਦੀ ਐਂਟਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਦੇ ਹੁਕਮ ਵਿਭਾਗ ਦੇ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ।