Distribution of ration kits: ਕਪੂਰਥਲਾ: ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿਚ ਕੋਵਿਡ-19 ਮਹਾਂਮਾਰੀ ਦੌਰਾਨ ਦਿਨ-ਰਾਤ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੁੰਚਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ. ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਸਮਾਰਟ ਰਾਸ਼ਨ ਕਾਰਡ ਧਾਰਕਾਂ ਦੇ ਜੀਆਂ ਨੂੰ ਤਿੰਨ ਮਹੀਨਿਆਂ ਲਈ ਪ੍ਰਤੀ ਜੀਅ 15 ਕਿਲੋ ਕਣਕ ਅਤੇ 3 ਕਿਲੋ ਦਾਲ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲੇ ਦੇ ਕੁਲ 99945 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿਚੋਂ ਹੁਣ ਤੱਕ 76011 ਰਾਸ਼ਨ ਕਾਰਡ ਧਾਰਕਾਂ ਨੂੰ ਉਨਾਂ ਦਾ ਕੋਟਾ ਜਾਰੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ ਦੀਆਂ ਹਦਾਇਤਾਂ ਅਨੁਸਾਰ ਹਰੇਕ ਰਾਸ਼ਨ ਕਾਰਡ ਹੋਲਡਰ ਤੱਕ ਪਹੁੰਚ ਕਰਕੇ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਐਮਰਜੈਂਸੀ ਵਰਗੀ ਇਸ ਔਖੀ ਘੜੀ ਵਿਚ ਗ਼ਰੀਬ ਵਰਗ ਦੇ ਲੋਕਾਂ ਲਈ ਜਾਰੀ ਕੀਤੀਆਂ ਜ਼ਰੂਰੀ ਵਸਤਾਂ ਨੂੰ ਉਨਾਂ ਦੇ ਸਹੀ ਹੱਕਦਾਰਾਂ ਤੱਕ ਪਹੁੰਚਾਉਣ ਲਈ ਵਿਭਾਗ ਵੱਲੋਂ ਰਾਸ਼ਨ ਦੀ ਵੰਡ ’ਤੇ ਤਿੱਖੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤਹਿਤ ਹੁਣ ਤੱਕ ਦੋ ਰਾਸ਼ਨ ਡਿਪੂਆਂ ਦੀ ਸਪਲਾਈ ਮੁਅੱਤਲ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲਾਕਡਾੳੂਨ ਦੌਰਾਨ ਲੋੜਵੰਦਾਂ ਅਤੇ ਪ੍ਰਵਾਸੀ ਮਜ਼ਦੂਰਾਂ ਲਈ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਤਿਆਰ ਕਰਨ ਲਈ ਇਸ ਵਿਭਾਗ ਦੀ ਡਿੳੂਟੀ ਲਗਾਈ ਗਈ ਹੈ, ਜਿਸ ਤਹਿਤ ਜ਼ਿਲੇ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੂਰੀ ਜਿੰਮੇਵਾਰੀ ਨਾਲ 34 ਹਜ਼ਾਰ ਰਾਸ਼ਨ ਕਿੱਟਾਂ ਤਿਆਰ ਕਰਕੇ ਜ਼ਿਲਾ ਪ੍ਰਸ਼ਾਸਨ ਰਾਹੀਂ ਗ਼ਰੀਬ ਲੋਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਇਸੇ ਤਰਾਂ ਵਿਭਾਗ ਵੱਲੋਂ ਰਾਜ ਦੇ ਲੋਕਾਂ ਨੂੰ ਜ਼ਰੂਰੀ ਵਸਤਾਂ ਸਹੀ ਰੇਟ ’ਤੇ ਮੁਹੱਈਆ ਕਰਵਾਉਣ ਲਈ ਜ਼ਿਲੇ ਦੀਆਂ ਵੱਖ-ਵੱਖ ਦੁਕਾਨਾਂ ’ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਖਪਤਕਾਰਾਂ ਤੋਂ ਵੱਧ ਰੇਟ ਵਸੂਲ ਰਹੇ ਦੁਕਾਨਦਾਰਾਂ ਨੂੰ 20 ਹਜ਼ਾਰ ਰੁਪਏ ਦੇ ਕਰੀਬ ਜ਼ੁਰਮਾਨਾ ਵੀ ਕੀਤਾ ਗਿਆ ਹੈ। ਸ. ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਰਬੀ ਸੀਜ਼ਨ 2020-21 ਦੌਰਾਨ ਕਪੂਰਥਲਾ ਜ਼ਿਲੇ ਵਿਚ ਹੁਣ ਤੱਕ ਸਾਢੇ ਤਿੰਨ ਲੱਖ ਮੀਟਿ੍ਰਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਅਤੇ ਲਿਫਟਿੰਗ ਕੀਤੀ ਜਾ ਚੁੱਕੀ ਹੈ। ਵਿਭਾਗ ਵੱਲੋਂ ਪੂਰੇ ਸੀਜ਼ਨ ਵਿਚ ਸਮਾਜਿਕ ਦੂਰੀ ਦਾ ਖਿਆਲ ਰੱਖਦਿਆਂ ਕਣਕ ਦੀ ਖ਼ਰੀਦ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦੀ ਜ਼ਿਲੇ ਦੇ ਆੜਤੀਆਂ ਨੂੰ 95 ਫੀਸਦੀ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।