DSGPC made arrangements for Farmers : ਨਵੀਂ ਦਿੱਲੀ : ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਸਰਹੱਦਾਂ ‘ਤੇ ਅੰਦੋਲਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੈ ਰਹੀ ਠੰਡ ਵਿੱਚ ਵੀ ਕਿਸਾਨ ਅੰਦੋਲਨ ਵਿੱਚ ਡਟੇ ਹੋਏ ਹਨ। ਕਿਸਾਨਾਂ ਦੀ ਪਹਿਲੇ ਦਿਨ ਤੋਂ ਹਿਮਾਇਤ ਕਰ ਰਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਕੇ ਲੰਗਰ ਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਥੇ ਹੀ ਕਮੇਟੀ ਵੱਲੋਂ ਕੜਾਕੇ ਦੀ ਠੰਢ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਵਾਸਤੇ ਪਿੰਨੀਆਂ ਦੇ ਲੰਗਰ ਦੀ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਠੰਡ ਨੂੰ ਰੋਕਣ ਲਈ ਇਨ੍ਹਾਂ ਪਿੰਨੀਆਂ ਵਿੱਚ ਬਦਾਮਾਂ, ਕਾਜੂਆਂ ਤੇ ਹੋਰ ਮੇਵਿਆਂ ਨਾਲ ਇਹ ਪਿੰਨੀਆਂ ਬਣਾਈਆਂ ਗਈਆਂ ਅਤੇ ਕਿਸਾਨਾਂ ਨੂੰ ਵੰਡੀਆਂ ਜਾ ਰਹੀਆਂ ਹਨ। ਠੰਢ ਦੇ ਚਲਦਿਆਂ ਕਿਸਾਨ ਭਰਾਵਾਂ ਦੀ ਰਿਹਾਇਸ਼ ਲਈ ਟੈਂਟ, ਕੰਬਲ, ਗੱਦੇ ਆਦਿ ਦਾ ਪ੍ਰਬੰਧ ਵੀ ਦਿੱਲੀ ਕਮੇਟੀ ਵੱਲੋਂ ਕੀਤਾ ਗਿਆ ਹੈ।
ਇਹ ਜਾਣਕਾਰੀ ਡੀਐਸਜੀਪੀਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਸਮਰਥਨ ਵਿੱਚ ਅੱਜ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਵਿਚ ਕਮੇਟੀ ਦਫਤਰ ਬੰਦ ਰੱਖੇ ਗਏ। ਦੱਸਣਯੋਗ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਲੀ ਵਿੱਚ ਅੰਦੋਲਨ ਦੌਰਾਨ ਪਹਿਲੇ ਦਿਨ ਤੋਂ ਹੀ ਲੰਗਰ ਸੇਵਾ ਦੇ ਨਾਲ-ਨਾਲ ਦਵਾਈਆਂ ਅਤੇ ਐਂਬੂਲੈਂਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਰਨਿਆਂ ਵਾਲੀਆਂ ਥਾਵਾਂ ’ਤੇ ਮੱਛਰ ਮਾਰਨ ਲਈ ਫੋਗਿੰਗ ਮਸ਼ੀਨਾਂ ਵੀ ਭੇਜੀਆਂ ਗਈਆਂ ਅਤੇ ਰੋਟੀਆਂ ਬਣਾਉਣ ਵਾਲੀ ਮਸ਼ੀਨ ਵੀ ਲਗਾਈ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਸਮੇਤ ਕਈ ਮੰਗਾਂ ਕਾਰਨ ਕਿਸਾਨ ਪਿੱਛਲੇ 12 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਟਰਾਲੀਆਂ ਵਿੱਚ ਰਾਤ ਕੱਟ ਰਹੇ ਹਨ। ਠੰਡੇ ਮੌਸਮ ਦੌਰਾਨ ਵੀ ਕਿਸਾਨਾਂ ਦਾ ਹੌਂਸਲਾ ਬੁਲੰਦ ਹੈ। ਸਿੰਘੂ, ਟਕਰੀ, ਗਾਜੀਪੁਰ ਅਤੇ ਚਿੱਲਾ ਸਰਹੱਦਾਂ ‘ਤੇ ਕਿਸਾਨਾਂ ਦਾ ਇਕੱਠ ਹੋ ਰਿਹਾ ਹੈ, ਜਿਨ੍ਹਾਂ ਨੂੰ ਵਿਰੋਧੀ ਧਿਰ ਦਾ ਸਮਰਥਨ ਵੀ ਮਿਲ ਰਿਹਾ ਹੈ। ਇਨ੍ਹਾਂ ਦਿਨਾਂ ਵਿੱਚ ਕਈ ਕਿਸਾਨ ਇਸ ਅੰਦੋਲਨ ਵਿੱਚ ਕੁਰਬਾਨੀਆਂ ਦੇ ਚੁੱਕੇ ਹਨ ਪਰ ਕਿਸਾਨਾਂ ਦਾ ਇੱਕੋ ਹੀ ਨਾਅਰਾ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਵਾਪਿਸ ਪਰਤਨਗੇ।