DSP and his wife reported Corona : ਅੰਮ੍ਰਿਤਸਰ ਜ਼ਿਲੇ ਨੂੰ ਕੋਰੋਨਾ ਨੇ ਪੂਰੀ ਤਰ੍ਹਾਂ ਆਪਣੇ ਸ਼ਿਕੰਜੇ ਵਿਚ ਲੈ ਰਿਹਾ ਹੈ। ਹੁਣ ਤਾਂ ਫਰੰਟ ਲਾਈਨ ਡਿਊਟੀਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਵੀ ਇਸ ਦੀ ਲਪੇਟ ਵਿਚ ਆ ਰਹੇ ਹਨ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਜ਼ਿਲੇ ਵਿਚ ਜੰਡਿਆਲਾ ਗੁਰੂ ਦੇ DSP ਅਤੇ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ. ਮਿਲੀ ਜਾਣਕਾਰੀ ਮੁਤਾਬਕ DSP ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਨਾਲ ਡਿਊਟੀ ’ਤੇ ਤਾਇਨਾਤ ਦੂਸਰੇ ਮੁਲਾਜ਼ਮਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਜ਼ਿਲੇ ਵਿਚ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ ਹੁਣ 998 ਤੱਕ ਪਹੁੰਚ ਗਿਆ ਹੈ। ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ 14 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ ਅਤੇ ਕੋਰੋਨਾ ਨਾਲ ਇਕ ਮਰੀਜ਼ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਸੀ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 807 ਮਰੀਜ਼ ਇਸ ਮਹਾਮਾਰੀ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ ਤੇ ਇਸ ਸਮੇਂ ਜ਼ਿਲੇ ਵਿਚ ਇਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ 160 ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਚ ਲਗਾਤਾਰ ਵਧਦੇ ਮਾਮਲਿਆਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਨਾਲ ਲੁਧਿਆਣਾ ਤੇ ਜਲੰਧਰ ਵਿਚ ਵੀ ਵੱਡੀ ਗਿਣਤੀ ਵਿਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਲੁਧਿਆਣਾ ਵਿਚ ਹੁਣ ਤੱਕ ਕੋਰੋਨਾ ਦੇ 1000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸੂਬੇ ਵਿਚ ਇਕ ਹਫਤੇ ਵਿਚ 34 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਸੂਬੇ ਵਿਚ ਬੀਤੇ ਦਿਨ 188 ਨਵੇਂ ਮਾਮਲੇ ਦਰਜ਼ ਹੋਏ । ਜਿਸ ਤੋਂ ਬਾਅਦ ਪੰਜਾਬ ਵਿਚ ਕਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 6,198 ਤੋਂ ਵੀ ਪਾਰ ਪਹੁੰਚ ਗਈ ਹੈ।