Eight BSF Jawan found Corona : ਕੋਰੋਨਾ ਵਾਇਰਸ ਦਾ ਕਹਿਰ ਸੂਬੇ ਵਿਚ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੀ ਲਪੇਟ ਵਿਚ ਹੁਣ ਵੱਡੇ-ਵੱਡੇ ਅਫਸਰਾਂ, ਅਧਿਕਾਰੀਆਂ ਤੇ ਫਰੰਟ ਲਾਈਨ ’ਤੇ ਤਾਇਨਾਤ ਜੋਧਿਆਂ ਦੇ ਆਉਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਸਾਹਮਣੇ ਆਏ ਮਾਮਲੇ ਵਿਚ ਫਿਰੋਜ਼ਪੁਰ ਵਿਚ ਮਮਦੋਟ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਚੌਕੀ ਜਲੋਕੇ ਦੇ 8 ਜਵਾਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ਨਾਲ ਸਿਹਤ ਵਿਭਾਗ ਤੇ ਸੁਰੱਖਿਆ ਵਿਭਾਗ ਵਿਚ ਹਫੜਾ-ਦਫੜੀ ਮਚ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀ 74 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਗਏ ਸਨ। ਜਿਨ੍ਹਾਂ ਵਿੱਚੋਂ ਅੱਜ 8 ਬੀਐਸਐਫ ਦੇ ਜਵਾਨਾਂ ਦੀ ਰਿਪੋਰਟ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਇਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਬਣਾ ਕੇ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ ਤਾਂਜੋ ਉਨ੍ਹਾਂ ਦੇ ਸੈਂਪਲ ਲਏ ਜਾ ਸਕਣ ਤੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।
ਦੱਸਣਯੋਗ ਹੈ ਕਿ ਫਿਰੋਜ਼ਪੁਰ ਵਿਚ ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 139 ਹੋ ਗਈ ਹੈ। ਜ਼ਿਲੇ ਵਿਚ ਕੋਰੋਨਾ ਨਾਲ ਜੰਗ ਲੜਦੇ ਹੋਏ ਤਿੰਨ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਜ਼ਿਲੇ ਵਿਚ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲੋਂ ਡਿਸਚਾਰਜ ਹੋ ਕੇ 85 ਲੋਕ ਘਰਾਂ ਨੂੰ ਪਰਤ ਚੁੱਕੇ ਹਨ। ਉਥੇ ਹੀ ਸੂਬੇ ਵਿਚ ਹੁਣ ਤੱਕ 6907 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 4928 ਠੀਕ ਹੋ ਚੁੱਕੇ ਹਨ।