Events to mark 400th Prakash Purab : ਅੰਮ੍ਰਿਤਸਰ : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਕਰਵਾਏ ਜਾਣ ਵਾਲੇ ਸਮਾਗਮ 31 ਮਾਰਚ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਇਨ੍ਹਾਂ ਸਮਾਗਮਾਂ ਦੀਆਂ ਨਵੀਆਂ ਤਰੀਕਾਂ ਬਾਰੇ 1 ਅਪ੍ਰੈਲ ਤੋਂ ਬਾਅਦ ਵਿਚ ਫੈਸਲਾ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪਹਿਲਾਂ ਇਹ ਸਮਾਗਮ 24 ਮਾਰਚ ਤੋਂ 28 ਮਾਰਚ ਤੱਕ ਆਯੋਜਤ ਕੀਤੇ ਜਾਣੇ ਸਨ। ਇਸੇ ਦੌਰਾਨ ਹੋਲਾ ਮਹੱਲਾ ਮੌਕੇ ਹੋਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਏ ਜਾਣਗੇ। ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਮੇਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਲਿਆ।
ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਗਈ ਹੈ ਤੇ ਰੋਜ਼ਾਨਾ ਇਸ ਦੇ ਮਾਮਲੇ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਾਈਟ ਕਰਫਿਊ ਦਾ ਸਮਾਂ ਵਧਾ ਕੇ 9 ਤੋਂ ਪੰਜ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲਿਆਂ ’ਤੇ ਵੀ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਮਾਸਕ ਨਾ ਪਹਿਨਣ ਵਾਲਿਆਂ ਦਾ ਮੌਕੇ ’ਤੇ ਕੋਰੋਨਾ ਟੈਸਟ ਕੀਤਾ ਜਾਵੇਗਾ। ਵਿਆਹ ਤੇ ਹੋਰ ਖੁਸ਼ੀ ਦੇ ਸਮਾਗਮਾਂ ਤੇ ਅਤੇ ਭੋਗ ਆਦਿ ’ਤੇ 20 ਲੋਕ ਹੀ ਜਾ ਸਕਣਗੇ। ਸਕੂਲਾਂ-ਕਾਲਜਾਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਅੱਜ ਪਠਾਨਕੋਟ ਵਿੱਚ ਪੁਲਿਸ ਨੇ ਨਾਕੇ ਲਾ ਕੇ ਬਿਨਾਂ ਮਾਸਕ ਵਾਲੇ ਲੋਕਾਂ ਨੂੰ ਰੋਕਿਆ ਅਤੇ 2 ਘੰਟਿਆਂ ਵਿੱਚ 72 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ।