Exams of 10th and 12th : ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀ ਜਮਾਤ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰਵ੍ਹੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ, ਹੁਣ ਅਕਤੂਬਰ ਦੇ ਆਖਰੀ ਹਫਤੇ ਵਿੱਚ ਲਈਆਂ ਜਾਣਗੀਆਂ। ਦੱਸਣਯੋਗ ਹੈ ਕਿ ਇਹ ਪ੍ਰੀਖਿਆਵਾਂ ਮਾਰਚ ਵਿੱਚ ਲਈਆਂ ਜਾਣੀਆਂ ਸਨ ਪਰ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸੂਬੇ ਵਿੱਚ ਲੱਗੇ ਲੌਕਡਾਊਨ ਕਾਰਨ ਇਨ੍ਹਾਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ (ਆਈ.ਏ.ਐੱਸ) ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਦਸਵੀਂ ਸ਼੍ਰੇਣੀ ਦੀਆਂ ਓਪਨ ਸਕੂਲ ਪ੍ਰਣਾਲੀ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਾ ਕੈਟਾਗਰੀਆਂ ਦੇ ਉਨ੍ਹਾਂ ਪ੍ਰੀਖਿਆਰਥੀਆਂ, ਜਿਨ੍ਹਾਂ ਦਾ ਨਤੀਜਾ ਅਜੇ ਤੱਕ ਨਹੀਂ ਐਲਾਨਿਆਂ ਗਿਆ, 26 ਅਕਤੂਬਰ 2020 ਤੋਂ 11 ਨਵੰਬਰ 2020 ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਾ ਕੈਟਾਗਰੀਆਂ ਦੀ ਪ੍ਰੀਖਿਆ 26 ਅਕਤੂਬਰ 2020 ਤੋਂ 17 ਨਵੰਬਰ 2020 ਤੱਕ ਸਿੱਖਿਆ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਜਾਵੇਗੀ। ਇਨ੍ਹਾਂ ਪ੍ਰੀਖਿਆਵਾਂ ਦੇ ਨਾਲ ਨਾਲ ਸਾਲ 2004 ਤੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਨੂੰ ਦਿੱਤੇ ਗਏ ਸੁਨਹਿਰੀ ਮੌਕੇ ਅਧੀਨ ਅਪੀਅਰ ਹੋਣ ਵਾਲੇ ਪਰੀਖਿਆਰਥੀਆਂ ਦੀ ਵੀ ਪਰੀਖਿਆ ਹੋਵੇਗੀ। ਪ੍ਰੀਖਿਆ ਦਾ ਸਮਾਂ ਸਵੇਰੇ 11:00 ਵਜੇ ਤੋਂ 2:15 ਵਜੇ ਤੱਕ ਦਾ ਹੋਵੇਗਾ। ਪਰੀਖਿਆ ਅਤੇ ਡੇਟਸ਼ੀਟ ਸਬੰਧੀ ਮੁਕੰਮਲ ਜਾਣਕਾਰੀ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਵੀ ਉਪਲਬਧ ਹੈ।