ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਇੱਕ ਹੋਰ ਪ੍ਰਾਪਤੀ ਆਪਣੇ ਨਾਂ ਕੀਤੀ ਹੈ। ਸੂਬੇ ਦਾ ਆਬਕਾਰੀ ਮਾਲੀਆ ਪਹਿਲੀ ਵਾਰ ਵਿੱਤੀ ਸਾਲ ਦੇ ਸ਼ੁਰੂਆਤੀ ਛੇ ਮਹੀਨਿਆਂ ਵਿੱਚ 4000 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ, ਜਿਸ ਨਾਲ ਸੂਬੇ ਨੂੰ 4280 ਕਰੋੜ ਰੁਪਏ ਦਾ ਕੁੱਲ ਆਬਕਾਰੀ ਮਾਲੀਆ ਇਕੱਠਾ ਹੋਇਆ ਹੈ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ।
ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਚਾਲੂ ਮਾਲੀ ਸਾਲ ਦੌਰਾਨ ਆਬਕਾਰੀ ਮਾਲੀਏ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਅੰਕੜਿਆਂ ਨਾਲੋਂ 37.62 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2021 ਅਤੇ 2022 ਦੌਰਾਨ 1 ਅਪ੍ਰੈਲ ਤੋਂ 12 ਅਕਤੂਬਰ ਤੱਕ ਆਬਕਾਰੀ ਮਾਲੀਆ ਉਗਰਾਹੀ ਕ੍ਰਮਵਾਰ 3110 ਕਰੋੜ ਰੁਪਏ ਅਤੇ 4280 ਕਰੋੜ ਰੁਪਏ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਅਰਸੇ ਦੌਰਾਨ ਆਬਕਾਰੀ ਮਾਲੀਏ ਵਿੱਚ 1170 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਰਾਦੇ ਇਸੇ ਗੱਲ ਤੋਂ ਸਪਸ਼ਟ ਹੋ ਜਾਂਦੇ ਹਨ ਕਿ ਇਸ ਵੱਲੋਂ 9000 ਕਰੋੜ ਰੁਪਏ ਦਾ ਆਬਕਾਰੀ ਕਰ ਇਕੱਠਾ ਕਰਨ ਦਾ ਟੀਚਾ ਮਿਥਿਆ ਗਿਆ ਹੈ ਜਦੋਂ ਕਿ ਪਿਛਲੀ ਸਰਕਾਰ ਦਾ ਟੀਚਾ ਸਿਰਫ 6200 ਕਰੋੜ ਰੁਪਏ ਦਾ ਸੀ।
ਇਹ ਵੀ ਪੜ੍ਹੋ : ਸਰਬੱਤ ਦਾ ਭਲਾ ਟਰੱਸਟ ਨੂੰ ਲੈ ਕੇ ਨਿੱਜੀ ਵੈੱਬ ਚੈਨਲ ਕਰ ਰਿਹਾ ਭੰਡੀ ਪ੍ਰਚਾਰ, ਡਾ. ਓਬਰਾਏ ਨੇ ਕੀਤਾ ਸਾਫ਼
38 ਪ੍ਰਤੀਸ਼ਤ ਦਾ ਇਹ ਸਿਹਤਮੰਦ ਵਾਧਾ ਨਵੀਂ ਆਬਕਾਰੀ ਨੀਤੀ ਨੂੰ ਸਮਰਪਿਤ ਕਰਦਿਆਂ ਚੀਮਾ ਨੇ ਕਿਹਾ ਕਿ ਆਬਕਾਰੀ ਨੀਤੀ 2022-23 ਨੇ ਪੰਜਾਬ ਵਿੱਚ ਸ਼ਰਾਬ ਦੇ ਕਾਰੋਬਾਰ ਵਿੱਚ ਇੱਕ ਸ਼ਲਾਘਾਯੋਗ ਤਬਦੀਲੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਦੇ ਮੁੱਖ ਦੋਹਰੇ ਉਦੇਸ਼ ਮਾਲੀਏ ਨੂੰ ਵਧਾਉਣਾ ਅਤੇ ਖਪਤਕਾਰਾਂ ਨੂੰ ਕਿਫਾਇਤੀ ਤੇ ਮਿਆਰੀ ਸ਼ਰਾਬ ਮੁਹੱਈਆ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਨੀਤੀ ਤਹਿਤ ਨਵੀਆਂ ਤਕਨੀਕਾਂ ਰਾਹੀਂ ਗੁਆਂਢੀ ਰਾਜਾਂ ਤੋਂ ਸ਼ਰਾਬ ਦੀ ਤਸਕਰੀ ‘ਤੇ ਸਖ਼ਤ ਨਿਗਰਾਨੀ ਰੱਖਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸ਼ਰਾਬ ਦੇ ਵਪਾਰ ਦੀ ਅਸਲ ਸੰਭਾਵਨਾ ਦਾ ਮੁਲਾਂਕਣ ਈ-ਟੈਂਡਰਿੰਗ ਦੇ ਸਵਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਚੂਨ ਸਮੂਹਾਂ ਨੂੰ ਅਲਾਟ ਕਰਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਠੇਕੇ ਲਗਭਗ 30 ਕਰੋੜ ਦੇ ਸਾਧਾਰਨ ਆਕਾਰ ਦੇ ਸਮੂਹਾਂ ਵਿੱਚ ਬਣਾਏ ਗਏ ਸਨ ਅਤੇ ਰਾਜ ਵਿੱਚ 175 ਸਮੂਹਾਂ ਵਿੱਚ ਕੁੱਲ 6378 ਠੇਕਿਆਂ ਦੀ ਈ-ਨਿਲਾਮੀ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: