Family members will receive information : ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲ ਕਰਦੇ ਹੋਏ ਕੋਰੋਨਾ ਦੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦੇ ਤਣਾਅ ਨੂੰ ਘੱਟ ਕਰਨ ਲਈ ਨਵੀਂ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਅਧੀਨ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਭਰਤੀ ਮਰੀਜ਼ਾਂ ਦੀ ਸਿਹਤ ਬਾਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਰਾਹੀਂ ਮਰੀਜ਼ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਸਹੂਲਤ 24 ਘੰਟੇ ਜਾਰੀ ਰਹੇਗੀ।
ਡੀਸੀ ਘਣਸ਼ਿਆਮ ਥੋਰੀ ਨੇ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਿੰਟੈਂਡੈਂਡ ਡਾ. ਮਨਦੀਪ ਕੌਰ ਮਾਂਗਟ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਨੂ ਹਿਦਾਇਤਾਂ ਜਾਰੀ ਕਰਕੇ ਕਿਹਾ ਹੈ ਕਿ ਹਸਪਤਾਲ ਵਿਚ ਟੈਲੀਫੋਨ ਸਹੂਲਤ ਸ਼ੁਰੂ ਕੀਤੀ ਜਾਵੇ ਅੇਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਡੀਸੀ ਨੇ ਦੱਸਿਆ ਕਿ ਲੈਵਲ-2 ਅਤੇ ਲੈਵਲ-3 ਦੇ ਮਰੀਜ਼ ਜਿਨ੍ਹਾਂ ਦਾ ਇਲਾਜ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿਚ ਚੱਲ ਰਿਹਾ ਹੈ, ਉਨ੍ਹਾਂ ਨਾਲ ਸਬੰਧਤ ਜਾਣਕਾਰੀ ਰੋਜ਼ਾਨਾ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਕੀਤੀ ਜਾਵੇਗੀ। ਇਸ ਨਾਲ ਜਿਥੇ ਮਰੀਜ਼ ਆਪਣਿਆਂ ਨਾਲ ਗੱਲ ਕਰ ਸਕੇਗਾ, ਉਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੱਲਬਾਤ ਨਾਲ ਰਾਹਤ ਮਿਲੇਗੀ।
ਡੀਸੀ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਕਾਰਨ ਮਰੀਜ਼ਾਂ ਦੇ ਪਰਿਵਾਰਾਂ ਨੂੰ ਸਿਹਤ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਉਨ੍ਹਾਂ ਦੀ ਚਿੰਤਾ ਵਧ ਰਹੀ ਹੈ। ਡੀਸੀ ਵੱਲੋਂ ਅਧਿਕਾਰੀਆਂ ਨੂੰ ਟੈਲੀਫੋਨ ਰਾਹੀਂ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੋਜ਼ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਛੇਤੀ ਸਹੂਲਤ ਸ਼ੁਰੂ ਕਰਨ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਪਰਿਵਾਰਾਂ ’ਤੇ ਮਰੀਜ਼ਾਂ ਦੀ ਸਿਹਤ ਦੀ ਸਥਿਤੀ ਨੂੰ ਲੈ ਕੇ ਬਣੇ ਤਣਾਅ ਨੂੰ ਘਟਾਇਆ ਜਾ ਸਕੇ। ਇਸ ਬਾਰੇ ਵਿਸ਼ੇਸ਼ ਸਾਰੰਗਲ ਜੋਕਿ ਖੁਦ ਲੈਵਲ-3 ਦੇ ਟੇਰੇਟਰੀ ਹਸਪਤਾਲਾਂ ਦੇ ਇੰਚਾਰਜ ਵੀ ਹਨ, ਨੇ ਦੱਸਿਆ ਕਿ ਸਿਵਲ ਹਸਪਤਾਲ ਦੇ 5 ਵਾਲੰਟੀਅਰਾਂ ਨੂੰ ਇਸ ਸਹੂਲਤ ਲਈ ਤਾਇਨਾਤ ਕੀਤਾ ਜਾਵੇਗਾ।