ਮਸ਼ਹੂਰ ਇਤਿਹਾਸਕਾਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋ. ਵਾਈਸ ਚਾਂਸਲਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦਾ ਦੇਹਾਂਤ ਹੋ ਗਿਆ ਹੈ। ਵੀਰਵਾਰ ਦੁਪਹਿਰ ਉਨ੍ਹਾਂ ਨੇ ਆਖਰੀ ਸਾਹ ਲਈ ਉਹ 90 ਸਾਲ ਦੇ ਸਨ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰਿਥੀਪਾਲ ਕਪੂਰ ਦੇ ਦੇਹਾਂਤ ਬਾਰੇ ਸੁਣਕੇ ਬਹੁਤ ਦੁੱਖ ਹੋਇਆ।
ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਹਿਬ ਨੇ ਆਪਣੇ ਕਲਮ ਰਾਹੀਂ ਕਈ ਕਿਤਾਬਾਂ ਵਿਚ ਕਲਮਬੱਧ ਕੀਤਾ। ਪ੍ਰਿਥੀਪਾਲ ਸਿੰਘ ਕਪੂਰ ਨੂੰ ਦਿਲ ਸਬੰਧੀ ਬੀਮਾਰੀਆਂ ਸਨ। ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਦੋ ਹਫਤੇ ਪਹਿਲਾਂ ਵੀ ਸਿਹਤ ਖਰਾਬ ਹੋਣ ਕਾਰਨ ਉਹ ਹਸਪਤਾਲ ਵਿਚ ਭਰਤੀ ਹੋਏ ਸਨ।
ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਗਿੱਲ ਨੇ ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਪੰਜਾਬ ਇਤਿਹਾਸ ਦੇ ਰੂੜ੍ਹੀਵਾਦੀ ਗਿਆਨ ਤੋਂ ਵਿਛੜ ਗਿਆ ਹੈ। ਜੱਸਾ ਸਿੰਘ ਰਾਮਗੜ੍ਹੀਆ ਤੇ ਮਾਸਟਰ ਤਾਰਾ ਸਿੰਘ ਦੀ ਜੀਵਨੀ ਤੋਂ ਇਲਾਵਾ ਉਨ੍ਹਾਂ ਨੇ ਸਿੱਖ ਇਤਿਹਾਸ ਤੇ ਅਕਾਲੀ ਸਿਆਸਤ ਬਾਰੇ ਵੀ ਕਈ ਕਿਤਾਬਾਂ ਲਿਖੀਆਂ ਹਨ। ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਇਨਸਾਈਕਲੋਪੀਡੀਆ ਦੇ ਮੁੱਖ ਸੰਪਾਦਕ ਵਜੋਂ ਕੰਮ ਕਰਦੇ ਰਹੇ। ਪੰਜਾਬੀ ਸਾਹਿਤ ਅਕਾਦਮੀ ਤੋਂ ਇਲਾਵਾ ਕਈ ਮੁੱਖ ਸੰਸਥਾਵਾਂ ਨਾਲ ਜੁੜੇ ਸਨ।