Farmer protest update : ਨਵੀਂ ਦਿੱਲੀ : ਕਿਸਾਨਾਂ ਵੱਲੋਂ ਦਿੱਲੀ ਵਿੱਚ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੇਂਦਰ ਵੱਲੋਂ ਬੀਤੇ ਦਿਨ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ, ਜਿਸ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਲਈ ਸਰਕਾਰ ਝੁਕਦੀ ਨਜ਼ਰ ਆ ਰਹੀ ਸੀ। ਪਰ ਇਹ ਮੀਟਿੰਗ ਵੀ ਬੇਸਿੱਟਾ ਰਹੀ। ਪ੍ਰੈੱਸ ਕਾਨਫਰੰਸ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਉਥੇ ਹੋਈ ਗੱਲਬਾਤ ਵਿੱਚ ਕਾਨੂੰਨ ਮਾਹਰਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਇਸ ਤਰ੍ਹਾਂ ਰੱਦ ਨਹੀਂ ਕੀਤੇ ਜਾ ਸਕਦੇ ਹਨ ਅਤੇ ਇਨ੍ਹਾਂ ਨੂੰ ਰੱਦ ਕਰਨ ਲਈ ਪਾਰਲੀਮੈਂਟ ਸੈਸ਼ਨ ਬੁਲਾਉਣਾ ਪਏਗਾ।
ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਸਪੈਸ਼ਲ ਪਾਰਲੀਮੈਂਟ ਸੈਸ਼ਨ ਬੁਲਾ ਕੇ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਨੇ ਖੁਲਾਸਾ ਕੀਤਾ ਕਿ ਕਿਸਾਨ ਅੰਦੋਲਨ ਵਿੱਚ ਵੱਡੇ ਪੱਧਰ ‘ਤੇ ਖਿਡਾਰੀ ਤੇ ਕਲਾਕਾਰ ਅੱਗੇ ਆਏ ਹਨ ਜਿਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ 7 ਦਸੰਬਰ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਸਨਮਾਨ ਵਾਪਿਸ ਕਰ ਦੇਣਗੇ। ਕਿਸਾਨ ਜਥੇਬੰਦੀਆਂ ਨੇ ਖਿਡਾਰੀਆਂ ਤੇ ਕਲਾਕਾਰਾਂ ਨੂੰ ਉਨ੍ਹਾਂ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਹੋਰ ਵੀ ਖਿਡਾਰੀਆਂ ਤੇ ਕਲਾਕਾਰਾਂ ਨੂੰ ਕਿਸਾਨ ਅੰਦੋਲਨ ਨਾਲ ਜੁੜਨ ਦੀ ਅਪੀਲ ਕੀਤੀ, ਤਾਂਜੋ ਇਸ ਸੰਘਰਸ਼ ਨੂੰ ਸਫਲ ਬਣਾਇਆ ਜਾ ਸਕੇ।
ਕਿਸਾਨ ਆਗੂਆਂ ਨੇ ਦੱਸਿਆ ਕਿ ਕੱਲ੍ਹ 3 ਦਸੰਬਰ ਨੂੰ ਮਹਾਰਾਸ਼ਟਰ ਦੇ ਹਰ ਜ਼ਿਲ੍ਹੇ ਤੇ ਤਹਿਸੀਲ ਵਿੱਚ ਵੱਡੇ ਪੱਧਰ ‘ਤੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਨਿਆਂ ਦੇ ਪੁਤਲੇ ਸਾੜੇ ਜਾਣਗੇ। ਬਾਕੀ ਪੂਰੇ ਦੇਸ਼ ਨੂੰ 5 ਦਸੰਬਰ ਨੂੰ ਪੂਰੇ ਦੇਸ਼ ਨੂੰ ਹਰ ਜ਼ਿਲ੍ਹੇ, ਹਰ ਤਹਿਸੀਲ ਵਿੱਚ ਮੋਦੀ ਸਰਕਾਰ, ਅੰਬਾਨੀ, ਅਡਾਨੀ ਤੇ ਕਾਰਪੋਰੇਟ ਘਰਾਨਿਆਂ ਦੇ ਪੁਤਲੇ ਸਾੜਨ ਦਾ ਸੱਦਾ ਦਿੱਤਾ ਗਿਆ ਹੈ। ਪੂਰੇ ਦੇਸ਼ ਵਿੱਚ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਰੈਲੀ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਇਹ ਕਾਨੁੰਨ ਰੱਦ ਨਾ ਕੀਤੇ ਗਏ ਤਾਂ ਇਹ ਅੰਦੋਲਨ ਪੂਰੇ ਦੇਸ਼ ਵਿੱਚ ਵੱਡਾ ਰੂਪ ਲੈ ਲਏਗਾ। ਉਨ੍ਹਾਂ ਕਿਹਾ ਕਿ ਅਜੇ ਤਾਂ ਅਸੀਂ ਟੀਕਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਹਾਂ, ਜੇਕਰ ਸਰਕਾਰ ਨਾ ਮੰਨੀ ਤਾਂ ਸਾਰੇ ਦਿੱਲੀ ਦੇ ਸਾਰੇ ਬਾਰਡਰ ਬੰਦ ਕਰ ਦਿੱਤੇ ਜਾਣਗੇ।