ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਅੰਦੋਲਨਕਾਰੀ ਕਿਸਾਨਾਂ ਦਾ ਗੁੱਸਾ ਅਜੇ ਬਰਕਰਾਰ ਹੈ। ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਭਾਜਪਾ ਆਗੂਆਂ ਦੇ ਘਰ ਦੇ ਬਾਹਰ ਧਰਨੇ ਲਗਾਏ ਜਾ ਰਹੇ ਹਨ ਤੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।
ਇਸੇ ਤਹਿਤ ਬੀਤੇ ਦਿਨੀਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਕਾਲੇ ਝੰਡੇ ਦਿਖਾਏ। ਨਾਲ ਹੀ ਕਿਸਾਨਾਂ ਵੱਲੋਂ ਕਾਫਲੇ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਗਈ। ਮਾਮਲਾ ਹੁਸ਼ਿਆਰਪੁਰ ਦੇ ਛੱਬੇਵਾਲ ਦਾ ਹੈ। ਇਸ ਦੌਰਾਨ ਭਾਰੀ ਪੁਲਿਸ ਫੋਰਸ ਮੌਜੂਦ ਸੀ। ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਸਾੜੇ। ਸੋਮ ਪ੍ਰਕਾਸ਼ ਪ੍ਰੈਸ ਕਾਨਫਰੰਸ ਕਰਨ ਲਈ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਪਹੁੰਚੇ ਸਨ। ਜਦੋਂ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਹ ਵਿਰੋਧ ਕਰਨ ਲਈ ਪਹੁੰਚ ਗਏ।
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ 3436.82 ਕਰੋੜ ਰੁਪਏ ਦੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਕਿਸਾਨਾਂ ਨੇ ਕੇਂਦਰੀ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਤਰੀ ਵਾਪਸ ਜਾਓ ਦੇ ਨਾਅਰੇ ਵੀ ਲਗਾਏ। ਇਸ ਦੌਰਾਨ ਕੇਂਦਰੀ ਮੰਤਰੀ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਜ਼ਿਲ੍ਹਾ ਪ੍ਰਧਾਨ ਨਿਪੁਨ ਸ਼ਰਮਾ ਅਤੇ ਹੋਰ ਹਾਜ਼ਰ ਸਨ। ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਲਗਭਗ 6 ਮਹੀਨਿਆਂ ਤੋਂ ਵੱਧ ਦੇ ਸਮੇਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਕੇਂਦਰ ਵੱਲੋਂ ਅਜੇ ਤੱਕ ਇਸ ਦਾ ਕੋਈ ਹੱਲ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ ਰੋਕ ਕੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ