Farmers blocked train full of wheat : ਚੰਡੀਗੜ੍ਹ : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਕਿਸਾਨ ਦਿੱਲੀ ਸਰਹੱਦਾਂ ’ਤੇ ਡਟੇ ਹਨ, ਉਥੇ ਹੀ ਪੰਜਾਬ ਵਿੱਚ ਵੀ ਇਸ ਦਾ ਵਿਰੋਧ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਮੋਗਾ ਜ਼ਿਲ੍ਹੇ ਵਿੱਚ ਇੱਕ ਕਣਕ ਨਾਲ ਭਰੀ ਰੇਲ ਰੋਕ ਦਿੱਤੀ।
ਪੁਲਿਸ ਨੇ ਦੱਸਿਆ ਕਿ ਡਗਰੂ ਪਿੰਡ ਵਿੱਚ ਇੱਕ ਪ੍ਰਾਈਵੇਟ ਮਲਕੀਏਤ ਵਾਲੀ ਅਨਾਜ ਸਿਲੋ ਤੋਂ ਬਾਹਰ ਆਉਣ ਤੋਂ ਬਾਅਦ ਰੇਲਗੱਡੀ ਨੂੰ ਡੱਗਰੂ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤਾ ਗਿਆ। ਪ੍ਰਦਰਸ਼ਨਕਾਰੀ ਕਿਸਾਨ ਪੱਟੜੀ ‘ਤੇ ਬੈਠ ਗਏ ਅਤੇ ਕਿਹਾ ਕਿ ਉਹ ਗੱਡੀ ਨੂੰ ਸੂਬੇ ਤੋਂ ਬਾਹਰ ਨਹੀਂ ਜਾਣ ਦੇਣਗੇ। ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਇਹ ਕਦਮ ਵੱਡੇ ਕਾਰਪੋਰੇਟਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਸੀ।
ਦੱਸ ਦੇਈਏ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਇਹ ਕਾਨੂੰਨ ਆ ਗਿਆ ਤਾਂ ਐਮਐਸਪੀ ਪ੍ਰਣਾਲੀ ਖਤਮ ਹੋ ਜਾਏਗੀ ਅਤੇ ਉਹ ਪ੍ਰਾਈਵੇਟ ਸੈਕਟਰ ਦੇ ਹੱਥਾਂ ਦੀਆਂ ਕਠਪੁਤਲੀਆਂ ਬਣ ਕੇ ਰਹਿ ਜਾਣਗੇ। ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਾਂ ਤਿਆਰ ਪਰ ਰੱਦ ਕਰਨ ਲਈ। ਹੁਣ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨ ਦਾ ਮਨ ਬਣਾ ਲਿਆ ਹੈ।