Farmers on railway tracks : ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਵਿਚ ਆਪਣਾ ਰੇਲ ਰੋਕੋ ਅੰਦੋਲਨ ਅੱਗੇ ਵਧਾਉਂਦੇ ਹੋਏ 17 ਅਕਤੂਬਰ ਤੱਕ ਕਰ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਹੜੀਆਂ ਸੰਸਥਾਵਾਂ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਹੀਆਂ ਹਨ ਉਨ੍ਹਾਂ ਦਾ ਸਵਾਗਤ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਕੇਂਦਰ ਸਰਕਾਰ ਦੀ ਇਸ ਬੈਠਕ ਵਿਚ ਕਿਸਾਨਾਂ ਦੇ ਠੋਸ ਹੱਲ ਨਾਲ ਵਾਪਸੀ ਕਰਨਗੇ। ਪਰ ਅਸੀਂ ਇਹ ਫੈਸਲਾ ਕੀਤਾ ਹੈ ਕਿ ਅੱਜ 14 ਅਕਤੂਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿਚ ਨਹੀਂ ਜਾਵਾਂਗੇ। ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਗੱਲਬਾਤ ਦਾ ਸੱਦਾ ਦੇ ਰਹੀ ਹੈ ਜਦਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਮੁੰਬਈ ਤੇ ਹੋਰ ਥਾਵਾਂ ’ਤੇ ਕਿਸਾਨਾਂ ਬਾਰੇ ਹੋਰ ਦਾਅਵੇ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 14 ਅਕਤੂਬਰ ਦੀ ਮੀਟਿੰਗ ਲਈ ਹਰਿਆਣਾ ਵਿੱਚ ਕਿਸਾਨ ਜਥੇਬੰਦੀਆਂ ਨੂੰ ਸੱਦਾ ਨਹੀਂ ਭੇਜਿਆ ਹੈ। ਇਸ ਤੋਂ ਸਾਫ ਹੈ ਕਿ ਕੇਂਦਰ ਸਰਕਾਰ ਅੰਦੋਲਨ ਨੂੰ ਨਾਕਾਮ ਕਰਨ ਲਈ ਕਿਸਾਨ ਜੱਥੇਬੰਦੀਆਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਕੇਂਦਰ ਸਰਕਾਰ ਦੀ ਨੀਅਤ ਅਤੇ ਨੀਤੀ ਠੀਕ ਨਹੀਂ ਹੈ। ਇਸ ਲਈ ਉਨ੍ਹਾਂ ਦਾ ਸੰਗਠਨ ਗੱਲਬਾਤ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਇਸ ਨਾਲ ਕਿਸਾਨਾਂ ਦਾ ਉਨ੍ਹਾਂ ਵਿੱਚ ਭਰੋਸਾ ਵਧੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਗੂ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਤਾਂ ਜੋ ਅੰਦੋਲਨ ਨੂੰ ਅਸਫਲ ਕੀਤਾ ਜਾ ਸਕੇ।
ਦੱਸਣਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਦੇਵੀਦਾਸਪੁਰ ਪਿੰਡ ਦੇ ਟਰੈਕ ’ਤੇ ਬੈਠੇ ਕਿਸਾਨਾਂ ਦਾ ਅੰਦੋਲਨ ਮੰਗਲਵਾਰ ਨੂੰ ਵੀ ਜਾਰੀ ਰਿਹਾ। ਨਾਰਾਜ਼ ਕਿਸਾਨਾਂ ਨੇ ਮੰਗਲਵਾਰ ਨੂੰ ਰੇਲਵੇ ਪਟੜੀਆਂ ‘ਤੇ ਟਰੈਕਟਰ ਖੜੇ ਕਰਕੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।