Farmers organizations give exemption : ਚੰਡੀਗੜ੍ਹ : ਕਿਸਾਨ ਸੰਗਠਨਾਂ ਵੱਲੋਂ ਕੇਂਦਰੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਸੰਬੰਧੀ ਫੈਸਲਾ ਲੈਣ ਲਈ ਕਿਸਾਨ ਭਵਨ ਵਿਖੇ ਮੀਟਿੰਗ ਕੀਤੀ। ਇਸ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਮਾਲ ਦੀਆਂ ਗੱਡੀਆਂ ਲੰਘਣ ਦੇਣਗੇ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਬਾਜਵਾ, ਭਾਰਤ ਭੂਸ਼ਨ ਆਸ਼ੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰਾਂ ਨਾਲ ਕੀਤੀ ਜਾ ਰਹੀ ਕਿਸਾਨਾਂ ਵੱਲੋਂ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ। ਇਸ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਇਸ ਤਰਾਂ ਜਾਰੀ ਰਹੇਗਾ, ਪਰ 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਲੰਘਣ ਦੇਣਗੇ। ਕਿਸਾਨਾਂ ਨੇ ਕਿਹਾ ਕਿ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਮੀਟਿੰਗ ਕਰ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਦੱਸ ਦੇਈਏ ਕਿ ਵਿਧਾਨ ਸਭਾ ਦੇ ਇਜਲਾਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਰੇਲ ਰੋਕੋ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਲਾ ਖਤਮ ਹੋਣ ਦੀ ਕਗਾਰ ’ਤੇ ਹੈ, ਜਿਸ ਨਾਲ ਸੂਬੇ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਹੁਣ ਨੈਸ਼ਨਲ ਗ੍ਰਿਡ ਕੋਲ ਬਿਜਲੀ ਖਰੀਦਣ ਦੇ ਯੋਗ ਨਹੀਂ ਹੈ। ਇਸ ਦਾ ਪੂਰਾ ਅਸਰ ਵਪਾਰ, ਕਿਸਾਨਾਂ ਵੱਲੋਂ ਅਗਲੀ ਬਿਜਾਈ ਅਤੇ ਪੰਜਾਬ ਦੀ ਇਕਾਨਮੀ ’ਤੇ ਪੈ ਰਿਹਾ ਹੈ।
ਉਥੇ ਹੀ ਪੰਜਾਬ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਲਈ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੀ ਮੰਗ ’ਤੇ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਨਵੇਂ ਬਿੱਲ ਪਾਸ ਕਰ ਦਿੱਤੇ ਗਏ ਹਨ, ਜਿਨ੍ਹਾਂ ਨਾਲ ਕੇਂਦਰ ਦੇ ਬਿੱਲ ਰੱਦ ਹੋ ਜਾਣਗੇ। ਦੱਸ ਦੇਈਏ ਕਿ ਅਜੇ ਬਿੱਲ ਪਾਸ ਹੋਏ ਹਨ ਬਿੱਲਾਂ ਦੇ ਕਾਨੂੰਨ ਬਣਨ ਵਿੱਚ ਦੇਰੀ ਹੈ ਪਰ ਪੰਜਾਬ ਸਰਕਾਰ ਨੇ ਵਿੱਚ ਆਪਣੀ ਭੂਮਿਕਾ ਨਿਭਾ ਕੇ ਫਰਜ਼ ਪੂਰਾ ਕਰ ਦਿੱਤਾ ਹੈ। ਇਨ੍ਹਾਂ ਬਿੱਲਾਂ ਨੂੰ 117 ਵਿੱਚੋਂ 115 ਵਿਧਾਇਕਾਂ ਵੱਲੋਂ ਪੂਰੇ ਸਮਰਥ ਨਾਲ ਪਾਸ ਕੀਤਾ ਗਿਆ ਹੈ। ਹੁਣ ਅਗਲੀ ਪ੍ਰਕਿਰਿਆ ਲਈ ਇਨ੍ਹਾਂ ਦੀ ਕਾਪੀ ਗਵਰਨਰ ਰੋਵ ਭੇਜ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਬਿੱਲ ਰਾਸ਼ਟਰਪਤੀ ਕੋਲ ਮਨਜ਼ੂਰੀ ਲਈ ਭੇਜੇ ਜਾਣਗੇ ਤੇ ਫਿਰ ਇਹ ਕਾਨੂੰਨ ਬਣਨਗੇ।