Farmers pull out candle march : ਚੰਡੀਗੜ੍ਹ : ਕੇਂਦਰ ਵੱਲੋਂ ਜਾਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਖੇਤੀ ਬਿੱਲਾਂ ਨੂੰ ਰੱਦ ਕਰਨ ਦੀਆਂ ਆਪਣੀਆਂ ਮੰਗਾਂ ਦਾ ਦਬਾਅ ਬਣਾਉਣ ਲਈ ਕਿਸਾਨ ਏਕਤਾ ਮੋਰਚਾ ਦੇ ਬੈਨਰ ਹੇਠ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਇੱਕ ਕੈਂਡਲ ਮਾਰਚ ਕੱਢ ਰਹੇ ਹਨ।
ਕਿਸਾਨ ਸੰਗਠਨ ਨੇ ਅੱਜ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਕਿਸਾਨਾਂ ਦੇ ਵਿਰੋਧ ਦੇ ਸਮਰਥਨ ਵਿੱਚ ਕੈਂਡਲ ਮਾਰਚ ਵਿੱਚ ਸ਼ਾਮਲ ਹੋਣ ਲਈ ਆਮ ਲੋਕਾਂ ਨੂੰ ਕਿਹਾ ਸੀ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸ਼ਾਮ 5 ਵਜੇ ਸ਼ਹੀਦ ਭਗਤ ਸਿੰਘ ਪਾਰਕ ਤੋਂ ਰਾਜਘਾਟ ਤੱਕ ਕੈਂਡਲ ਮਾਰਚ ਦੀ ਸ਼ੁਰੂਆਤ ਕੀਤੀ। ਪਿਛਲੇ ਇਕ ਮਹੀਨੇ ਤੋਂ ਕਿਸਾਨ ਤਿੰਨ ਖੇਤ ਬਿੱਲਾਂ ਦੇ ਵਿਰੁੱਧ ਦਿੱਲੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ।
ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਹੁਣ 29 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਸਰਕਾਰ ਨਾਲ ਬੈਠਕ ਕਰਨਗੀਆਂ। ਇਹ ਬੈਠਕ ਸਵੇਰੇ 11 ਵਜੇ ਹੋਵੇਗੀ। ਇਹ ਬੈਠਕ ਵਿਗਿਆਨ ਭਵਨ ਦੇ ਵਿੱਚ ਹੋਵੇਗੀ, ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਸਿਰਫ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਸਾਰੀਆਂ ਜਥੇਬੰਦੀਆਂ ਇਸ ਗੱਲ ’ਤੇ ਸਹਿਮਤ ਹਨ ਕਿ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦੇਣ ਬਾਰੇ ਚਰਚਾ ਕਰੇ। ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਹੋਈ। ਸਿੰਘੂ ਬਾਰਡਰ ’ਤੇ ਮੀਟਿੰਗ ਵਿੱਚ ਸਰਕਾਰ ਵੱਲੋਂ ਕੀਤੀ ਗੱਲਬਾਤ ਦੀ ਪੇਸ਼ਕਸ਼ ਉਪਰ ਚਰਚਾ ਕੀਤੀ ਗਈ। ਬੀਤੇ ਦਿਨ ਵੀ ਸਰਕਾਰੀ ਚਿੱਠੀ ਦਾ ਜੁਆਬ ਦੇਣ ਬਾਰੇ ਮੀਟਿੰਗ ਵਿੱਚ ਸਹਿਮਤੀ ਨਹੀਂ ਬਣੀ ਸੀ।