ਚੰਡੀਗੜ੍ਹ : ਪੰਜਾਬ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਮੂੰਗੀ ਦੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਐਲਾਨ ਕੀਤਾ।
ਭਗਵੰਤ ਮਾਨ ਨੇ ਮੂੰਗੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਬਸ਼ਰਤੇ ਉਹ ਮੂੰਗੀ ਦੀ ਵਾਢੀ ਮਗਰੋਂ ਉਸੇ ਖੇਤ ਵਿੱਚ 126 ਕਿਸਮ ਜਾਂ ਬਾਸਮਤੀ ਦੀ ਬਿਜਾਈ ਕਰਨ, ਕਿਉਂਕਿ ਇਹ ਦੋਵੇਂ ਫ਼ਸਲਾਂ ਪੱਕਣ ਵਿੱਚ ਬਹੁਤ ਘੱਟ ਸਮਾਂ ਲੈਂਦੀਆਂ ਹਨ। ਨਾਲ ਹੀ ਝੋਨੇ ਦੀਆਂ ਹੋਰ ਕਿਸਮਾਂ ਦੇ ਮੁਕਾਬਲੇ ਘੱਟ ਪਾਣੀ ਦੀ ਲੋੜ ਹੁੰਦੀ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ‘ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਖਰੀਦਣ ਦਾ ਭਰੋਸਾ ਦਿੱਤਾ ਹੈ। ਇਸ ਨਾਲ ਕਿਸਾਨ ਕਣਕ-ਝੋਨੇ ਦੇ ਚੱਕਰ ਵਿਚਾਲੇ ਇੱਕ ਹੋਰ ਫਸਲ ਬੀਜ ਕੇ ਆਪਣੀ ਆਮਦਨ ਨੂੰ ਪੂਰੀ ਕਰ ਸਕਣਗੇ।
ਜ਼ਿਕਰਯੋਗ ਹੈ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਪਿਛਲੇ ਸਾਲ 50,000 ਏਕੜ ਦੇ ਮੁਕਾਬਲੇ 77,000 ਏਕੜ ਰਕਬੇ ਵਿੱਚ ਇਸ ਦੀ ਕਾਸ਼ਤ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਮੰਡੀ ਮੁੱਲ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਲਾਹੇਵੰਦ ਭਾਅ ‘ਤੇ ਬਾਸਮਤੀ ਦੀ ਖਰੀਦ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਹ ਕਦਮ ਕਿਸਾਨਾਂ ਨੂੰ ਸੂਬੇ ਵਿੱਚ ਤੇਜ਼ੀ ਨਾਲ ਘਟ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ 126 ਅਤੇ ਬਾਸਮਤੀ ਸਣੇ ਝੋਨੇ ਦੀਆਂ ਘੱਟ ਪਾਣੀ ਖਪਤ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ 1000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।