ਚੰਡੀਗੜ੍ਹ ਦੇ ਬਾਰਡਰ ‘ਤੇ ਹਜ਼ਾਰਾਂ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਉਹ ਪਿਛਲੇ ਤਿੰਨ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬਾਰਡਰ ‘ਤੇ ਡਟੇ ਹੋਏ ਹਨ। ਇਸੇ ਦਰਮਿਆਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਕਿਸਾਨਾਂ ਨੂੰ ਸੱਦਾ ਮਿਲਿਆ ਹੈ ਜਿਸ ਤਹਿਤ ਭਲਕੇ 11 ਵਜੇ ਕਿਸਾਨਾਂ ਦਾ ਵਫਦ ਪੰਜਾਬ ਰਾਜਪਾਲ ਨਾਲ ਮੀਟਿੰਗ ਕਰੇਗਾ ਤੇ ਮੀਟਿੰਗ ਦੇ ਬਾਅਦ ਅਗਲੀ ਰਣਨੀਤੀ ਬਣਾ ਕੇ ਧਰਨੇ ਬਾਰੇ ਫ਼ੈਸਲਾ ਲਿਆ ਜਾਵੇਗਾ। ਮੀਟਿੰਗ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕਿ ਧਰਨਾ ਕੱਲ੍ਹ ਖਤਮ ਕਰਨਾ ਹੈ ਜਾਂ ਫਿਰ ਇਸ ਨੂੰ ਅੱਗੇ ਵਧਾਇਆ ਜਾਵੇ।
ਕਿਸਾਨਾਂ ਵੱਲੋਂ ਪੰਜਾਬ ਸਰਕਾਰ ਨੂੰ ਆਪਣੀਆਂ 10 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਸੀ ਜਿਸ ਦਾ ਕੋਈ ਜਵਾਬ ਨਹੀਂ ਮਿਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਰਾਜਪਾਲ ਨਾਲ ਮੀਟਿੰਗ ਦੇ ਬਾਅਦ ਉਹ ਮੁੱਖ ਮੰਤਰੀ ਮਾਨ ਨਾਲ ਵੀ ਮੀਟਿੰਗ ਕਰਨਾ ਚਾਹੁੰਦੇ ਹਨ। ਦੱਸ ਦੇਈਏ ਕਿ ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਦਿੱਲੀ ਮੋਰਚੇ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ। ਇਸ ਲਈ ਸੰਯੁਕਤ ਕਿਸਾਨ ਮੋਰਚਾ, ਅਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿਚ ਇਹ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ 2 ਨ.ਸ਼ਾ ਤਸਕਰ ਕਾਬੂ, 80 ਗ੍ਰਾਮ ਹੈ.ਰੋਇਨ, 2 ਮੋਬਾਈਲ ਤੇ 2 ਹਜ਼ਾਰ ਡ.ਰੱਗ ਮਨੀ ਬਰਾਮਦ
ਕਿਸਾਨਾਂ ਦੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਪੰਜਾਬ ਵਿਚ ਮੱਕੀ, ਮੁੰਗੀ, ਗੰਨਾ ਅਤੇ ਹੋਰ ਫ਼ਸਲਾਂ ਦੀ ਐਮਐਸਪੀ ’ਤੇ ਖ਼ਰੀਦ ਦੀ ਗਰੰਟੀ ਕੀਤੀ ਜਾਵੇ, ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ, ਹੜ੍ਹਾਂ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਇਕਸਾਰ ਅਤੇ ਢੁਕਵਾਂ ਮੁਆਵਜ਼ਾ ਦਿਤਾ ਜਾਵੇ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਸਮੇਤ ਵਿਆਜ ਜਾਰੀ ਕੀਤਾ ਜਾਵੇ, ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿਤੀਆਂ ਜਾਣ ਤੇ ਪਰਾਲੀ ਸਾੜਨ ਕਰ ਕੇ ਕਿਸਾਨਾਂ ਵਿਰੁਧ ਦਰਜ ਕੀਤੇ ਕੇਸ ਰੱਦ ਕੀਤੇ ਜਾਣ।
ਵੀਡੀਓ ਲਈ ਕਲਿੱਕ ਕਰੋ : –