Father of 5 daughters commits : ਮੋਗਾ : ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮਾਮਲਾ ਜ਼ਿਲੇ ਦੇ ਧਰਮਕੋਟ ਸਬ-ਡਵੀਜ਼ਨ ਦੇ ਪਿੰਡ ਭਿੰਡਰ ਕਲਾਂ ਤੋਂ ਸਾਹਮਣੇ ਆਇਆ ਹੈ, ਜਿਥੇ 41 ਸਾਲਾ ਕਿਸਾਨ ਨੇ ਕਥਿਤ ਤੌਰ ‘ਤੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। । ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਾਂਚ ਅਧਿਕਾਰੀ ਏਐਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਉਸ ਨੇ ਬੀਤੇ ਦਿਨ ‘ਤੇ ਜ਼ਹਿਰ ਖਾ ਲਿਆ ਸੀ। ਉਹ ਪਿਛਲੇ ਕੁਝ ਮਹੀਨਿਆਂ ਤੋਂ ਕਰਜ਼ੇ ਕਾਰਨ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਕਿਸਾਨ ਆਪਣੇ ਪਿੱਛੇ ਪਤਨੀ ਅਤੇ ਪੰਜ ਧੀਆਂ ਛੱਡ ਗਿਆ ਹੈ। ਦਰਸ਼ਨ ਸਿੰਘ ਦੀ ਪਤਨੀ ਸੰਦੀਪ ਕੌਰ ਨੇ ਦੱਸਿਆ ਕਿ ਖੇਤੀ ਦੇ ਕੰਮ ਵਿੱਚ ਆਈ ਮੰਦੀ ਦੇ ਚੱਲਦਿਆਂ ਉਸ ਦੇ ਪਤੀ ਨੇ ਕਈ ਵਿਅਕਤੀਆਂ ਤੋਂ ਲੱਖਾਂ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਦੇ ਕਾਰਨ ਕਾਫੀ ਤਣਾਅ ਵਿੱਚ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਮੋਟਰ ‘ਤੇ ਜਾ ਕੇ ਜ਼ਹਿਰ ਖਾ ਲਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।