ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਰਕਿੰਗ ਪ੍ਰਧਾਨ ਖ਼ਿਲਾਫ਼ ਲੁਧਿਆਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦਰਅਸਲ ਗੋਪਾਲ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਸੰਧੂ ‘ਤੇ ਐੱਲ.ਐੱਲ.ਬੀ ਕਰਨ ਲਈ 12ਵੀਂ ਜਮਾਤ ਦਾ ਜਾਅਲੀ ਸਰਟੀਫਿਕੇਟ ਵਰਤਣ ਦਾ ਦੋਸ਼ ਹੈ।
ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਸੰਧੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ‘ਆਪ’ ਆਗੂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਮਿੰਦਰ ਸੰਧੂ ਦੇ ‘ਆਪ’ ਦੇ ਸੀਨੀਅਰ ਆਗੂਆਂ ਅਤੇ ਕਈ ਬੋਰਡਾਂ ਦੇ ਚੇਅਰਮੈਨਾਂ ਨਾਲ ਨਜ਼ਦੀਕੀ ਸਬੰਧ ਹਨ। ਦੱਸ ਦੇਈਏ ਕਿ ਸੰਧੂ ਇਸ ਤੋਂ ਪਹਿਲਾਂ ਅਕਾਲੀ ਦਲ (ਬਾਦਲ) ਵਿੱਚ ਸੀ।
ਐਡਵੋਕੇਟ ਗਿੱਲ ਨੇ ਇਸ ਮਾਮਲੇ ਵਿੱਚ ਪਿਛਲੇ ਸਾਲ 30 ਜਨਵਰੀ (2023) ਨੂੰ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪਰਮਿੰਦਰ ਸਿੰਘ ਸੰਧੂ ਨੇ ਐਲਐਲਬੀ ਵਿੱਚ ਦਾਖ਼ਲੇ ਲਈ 12ਵੀਂ ਜਮਾਤ ਦਾ ਜਾਅਲੀ ਸਰਟੀਫਿਕੇਟ ਦਿੱਤਾ ਸੀ। ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਜਾਂਚ ਕੀਤੀ, ਜਿਸ ਤੋਂ ਬਾਅਦ ਸਾਹਮਣੇ ਆਇਆ ਕਿ ਸੰਧੂ ਨੇ ਦਿੱਲੀ ਬੋਰਡ ਆਫ਼ ਸੀਨੀਅਰ ਸੈਕੰਡਰੀ ਐਜੂਕੇਸ਼ਨ ਵੱਲੋਂ ਜਾਰੀ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਵਰਤੋਂ ਕੀਤੀ ਸੀ। ਪੁਲਿਸ ਨੇ ਜਦੋਂ ਜਾਂਚ ਤੇਜ਼ ਕੀਤੀ ਤਾਂ ਸੰਧੂ ਨੇ ਦੱਸਿਆ ਕਿ ਉਸ ਨੇ 2008 ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਤੋਂ 12ਵੀਂ ਜਮਾਤ ਪਾਸ ਕੀਤੀ ਸੀ ਪਰ ਉਸ ਦਾ ਸਰਟੀਫਿਕੇਟ ਕਿਧਰੇ ਗੁਆਚ ਗਿਆ ਸੀ। ਬੋਰਡ ਨਾਲ ਸੰਪਰਕ ਕਰਨ ‘ਤੇ ਪਤਾ ਲੱਗਾ ਕਿ ਸੰਧੂ 2008 ‘ਚ 12ਵੀਂ ਜਮਾਤ ‘ਚੋਂ ਫੇਲ ਹੋ ਗਿਆ ਸੀ।
ਜਾਣਕਾਰੀ ਦਿੰਦਿਆਂ ਐਡਵੋਕੇਟ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਸੰਧੂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਵਰਨਣਯੋਗ ਹੈ ਕਿ ਪਰਮਿੰਦਰ ਸਿੰਘ ਆਪਣੇ ਖਿਲਾਫ ਦਰਜ ਐਫਆਈਆਰ ਵਿੱਚ ਖੁਦ ਫਸਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ 2022 ਵਿੱਚ ਪਰਮਿੰਦਰ ਸਿੰਘ ਸੰਧੂ ਨੇ ਖੁਦ ਥਾਣਾ ਡਿਵੀਜ਼ਨ ਨੰਬਰ 5 ਵਿੱਚ ਐਫਆਈਆਰ ਦਰਜ ਕਰਵਾਈ ਸੀ ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਐਡਵੋਕੇਟ ਦੀਪਕ ਨੇ ਉਸ ਨੂੰ ਆਪਣੀ ਲਾਅ ਪ੍ਰੈਕਟਿਸ (ਐਲਐਲਬੀ) ਲਈ ਜਾਅਲੀ ਲਾਇਸੈਂਸ ਮੁਹੱਈਆ ਕਰਵਾਇਆ ਸੀ। ਪਰ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਸੰਧੂ ਵੱਲੋਂ ਪੇਸ਼ ਕੀਤਾ ਗਿਆ 12ਵੀਂ ਜਮਾਤ ਦਾ ਸਰਟੀਫਿਕੇਟ ਜਾਅਲੀ ਸੀ। ਇਸ ਕਾਰਨ ਪੁਲਿਸ ਨੇ ਪਰਮਿੰਦਰ ਸਿੰਘ ਸੰਧੂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਹੈ, ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਅਯੁੱਧਿਆ ਦੇ ਰਾਮ ਮੰਦਰ ‘ਚ ਸੋਨੇ ਦੀ ਅਨੋਖੀ ਰਾਮਾਇਣ ਦੇ ਹੋਣਗੇ ਦਰਸ਼ਨ, ਡੇਢ ਕੁਇੰਟਲ ਏ ਭਾਰ
ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਉਕਤ ਮਾਮਲੇ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅਕਸ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਇਹ ਮਾਮਲਾ ਹਾਈਕਮਾਂਡ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।