FIR filed against Sonia Gandhi: ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਮਹਾਂਸੰਕਟ ਨਾਲ ਜੂਝ ਰਿਹਾ ਹੈ ਅਤੇ ਇਸ ਦੌਰਾਨ ਕਾਂਗਰਸ-ਬੀਜੇਪੀ ਵਿੱਚ ਰਾਜਨੀਤਿਕ ਉਥਲ-ਪੁਥਲ ਦਾ ਦੌਰ ਜਾਰੀ ਹੈ । ਇਸ ਹਫੜਾ-ਦਫੜੀ ਦੇ ਮੱਦੇਨਜ਼ਰ ਕਰਨਾਟਕ ਦੇ ਸ਼ਿਮੋਗਾ ਜ਼ਿਲ੍ਹੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ । ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਕਾਂਗਰਸ ਪਾਰਟੀ ਵੱਲੋਂ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ ।
ਦੱਸਿਆ ਜਾ ਰਿਹਾ ਹੈ ਕਿ 11 ਮਈ ਨੂੰ ਕਾਂਗਰਸ ਪਾਰਟੀ ਵੱਲੋਂ ਝੂਠੇ ਦਾਅਵੇ ਕੀਤੇ ਗਏ ਸਨ ਅਤੇ ਕੇਂਦਰ ਸਰਕਾਰ ’ਤੇ ਝੂਠੇ ਦੋਸ਼ ਲਗਾਏ ਗਏ ਸਨ । ਪ੍ਰਧਾਨ ਮੰਤਰੀ ਕੇਅਰਜ਼ ਫੰਡ ਨਾਲ ਜੁੜੇ ਕੁਝ ਦੋਸ਼ ਸਨ, ਜੋ ਗਲਤ ਸਨ । ਜਿਸ ਤੋਂ ਬਾਅਦ ਇਸ ਦੇ ਅਧਾਰ ‘ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਆਈਪੀਸੀ ਦੀ ਧਾਰਾ 153, 505 ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿੱਚ ਅਪੀਲ ਕੀਤੀ ਗਈ ਹੈ ਕਿ ਸੋਨੀਆ ਗਾਂਧੀ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ । ਇਹ ਐਫਆਈਆਰ ਪ੍ਰਵੀਨ ਨਾਮ ਦੇ ਸਥਾਨਕ ਵਕੀਲ ਵੱਲੋਂ ਦਾਇਰ ਕੀਤੀ ਗਈ ਹੈ।
ਗੌਰਤਲਬ ਹੈ ਕਿ ਕੋਰੋਨਾ ਵਾਇਰਸ ਮਹਾਂਸੰਕਟ ਦੌਰਾਨ ਕਾਂਗਰਸ ਵੱਲੋਂ ਮੋਦੀ ਸਰਕਾਰ ‘ਤੇ ਦੋਸ਼ਾਂ ਦੀ ਬੌਸ਼ਾਰ ਕੀਤੀ ਜਾ ਰਹੀ ਹੈ। ਕਾਂਗਰਸ ਵੱਲੋਂ ਲਗਾਤਾਰ ਕੇਂਦਰ ਸਰਕਾਰ ‘ਤੇ ਲਗਾਤਾਰ ਰਾਜਾਂ ਨਾਲ ਸੌਤੇਲਾ ਸਲੂਕ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ । ਇਸ ਤੋਂ ਇਲਾਵਾ ਕੋਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਕੇਅਰਜ਼ ਫੰਡ ਦੀ ਜਾਣਕਾਰੀ ਜਨਤਕ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ‘ਤੇ ਨਿਸ਼ਾਨਾ ਸਾਧਿਆ ਜਾ ਚੁੱਕਿਆ ਹੈ । ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਵੀ ਲਿਖਿਆ ਜਾ ਚੁੱਕਿਆ ਹੈ।
ਦੱਸ ਦੇਈਏ ਕਿ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਲਿਖਿਆ ਹੈ ਕਿ “ਜਨਤਕ ਸੇਵਾ ਫੰਡਾਂ ਦੀ ਵੰਡ ਲਈ ਦੋ ਵੱਖਰੀਆਂ ਚੀਜ਼ਾਂ ਬਣਾਉਣਾ ਸਖਤ ਮਿਹਨਤ ਅਤੇ ਸਾਧਨਾਂ ਦੀ ਬਰਬਾਦੀ ਹੈ । ਪ੍ਰਧਾਨ ਮੰਤਰੀ-ਐਨਆਰਐਫ ਵਿੱਚ ਲਗਭਗ 3800 ਕਰੋੜ ਰੁਪਏ ਦੀ ਰਾਸ਼ੀ (ਵਿੱਤੀ ਸਾਲ 2019 ਦੇ ਅੰਤ ਵਿੱਚ ) ਬਿਨ੍ਹਾਂ ਵਰਤੋਂ ਦੇ ਪਿਆ ਹੋਇਆ ਹੈ। ਇਹ ਫੰਡ ਅਤੇ ‘ਪ੍ਰਧਾਨ ਮੰਤਰੀ-ਕੇਅਰਸ’ ਦੀ ਰਕਮ ਨੂੰ ਜੋੜ ਕੇ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸਮਾਜ ਦੇ ਹਾਸ਼ੀਏ ‘ਤੇ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਭੋਜਨ ਸੁਰੱਖਿਆ ਚੱਕਰ ਮੁਹੱਈਆ ਕਰਾਇਆ ਜਾ ਸਕੇ। ”