Five new Corona Cases of : ਕੋਰੋਨਾ ਵਾਇਰਸ ਦੇ ਸੂਬੇ ਵਿਚ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਿਆਂ ਵਿਚ ਫਰੀਦਕੋਟ ਤੇ ਪਟਿਆਲਾ ਤੋਂ ਕੋਰੋਨਾ ਵਾਇਰਸ ਦੇ ਨਵੇਂ ਪੰਜ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਫਰੀਦਕੋਟ ਤੋਂ ਤਿੰਨ ਅਤੇ ਪਟਿਆਲੇ ਤੋਂ ਦੋ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਜ਼ਿਲਾ ਫਰੀਦਕੋਟ ਵਿਚ ਕੋਰੋਨਾ ਵਾਇਰਸ ਦੇ ਤਿੰਨ ਪਾਜ਼ੀਟਿਵ ਮਾਮਲੇ ਕੋਟਕਪੂਰਾ ਸ਼ਹਿਰ ਨਾਲ ਸਬੰਧਤ ਹਨ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦੇ ਹੋਏ ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਰਾਜੂ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿਚ ਇਕ ਪੁਲਿਸ ਮੁਲਾਜ਼ਮ, ਇਕ ਗਰਭਵਤੀ ਔਰਤ ਅਤੇ ਇਕ ਮੁੰਬਈ ਤੋਂ ਪਰਤਿਆ ਵਿਅਕਤੀ ਸ਼ਾਮਲ ਹੈ।
ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤ ਆਪਣੇ ਰੁਟੀਨ ਚੈਕਅਪ ਲਈ ਆਈ ਸੀ, ਜਿਸ ਦੌਰਾਨ ਉਸ ਦੇ ਕੋਰੋਨਾ ਪਾਜ਼ੀਟਿਵ ਹੋਣ ਦਾ ਪਤਾ ਲੱਗਾ। ਪੁਲਿਸ ਮੁਲਾਜ਼ਮ ਦੀ ਨਾਕੇ ’ਤੇ ਡਿਊਟੀ ਦੌਰਾਨ ਹੋਈ ਸਕ੍ਰੀਨਿੰਗ ਵਿਚ ਉਸ ਵਿਚ ਕੋਰੋਨਾ ਦੇ ਲੱਛਣ ਪਾਏ ਗਏ ਸਨ, ਜਦਕਿ ਤੀਸਰਾ ਵਿਅਕਤੀ ਮੁੰਬਈ ਤੋਂ ਆਇਆ ਸੀ ਅਤੇ ਉਸ ਨੂੰ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਸੀ। ਇਨ੍ਹਾਂ ਤਿੰਨਾਂ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰ ਲਿਆ ਗਿਆ ਹੈ।
ਉਧਰ ਪਟਿਆਲਾ ਜ਼ਿਲੇ ਵਿਚ ਵੀ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਇਕ 7 ਸਾਲ ਦੀ ਬੱਚੀ ਵੀ ਸ਼ਾਮਲ ਹੈ। ਦੂਸਰਾ ਮਾਮਲਾ ਸਮਾਣਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਹ 2 ਮਾਮਲੇ ਸਾਹਮਣੇ ਆਉਣ ਜ਼ਿਲੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ, ਜਿਨ੍ਹਾਂ ਵਿਚੋਂ ਦੋ ਮਰੀਜ਼ ਇਸ ਵਾਇਰਸ ਨਾਲ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਜ਼ਿਲੇ ਵਿਚੋੰ 109 ਮਰੀਜ਼ ਠੀਕ ਹੋਕੇ ਘਰਾਂ ਨੂੰ ਪਰਤ ਚੁੱਕੇ ਹਨ।